ਪੰਜਾਬ ’ਚ ਮੁੜ ਬਦਲੇਗਾ ਮੌਸਮ, 28 ਤੋਂ 30 ਅਕਤੂਬਰ ਤੱਕ ਮੀਂਹ ਦੀ ਸੰਭਾਵਨਾ; ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ, 27 ਅਕਤੂਬਰ ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਜਦਕਿ 28 ਤੋਂ 30 ਅਕਤੂਬਰ ਤੱਕ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਵਿਭਾਗ ਅਨੁਸਾਰ 29 ਅਤੇ 30 ਅਕਤੂਬਰ ਨੂੰ ਮੌਸਮ ਹੋਰ ਸਰਗਰਮ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਗਰਜ-ਚਮਕ ਦੇ ਨਾਲ ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਸੰਭਾਵਿਤ ਮੌਸਮੀ ਬਦਲਾਅ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਫਰੀਦਕੋਟ ਵਿੱਚ ਸੂਬੇ ਦਾ ਸਭ ਤੋਂ ਵੱਧ 33.0 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਹੋਣ ਵਾਲੇ ਬਦਲਾਅ ’ਤੇ ਸਭ ਦੀ ਨਜ਼ਰ ਰਹੇਗੀ।