ਅਹਿਮਦਾਬਾਦ ਦੀ ਪਟਾਕਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ 8 ਲੋਕਾਂ ਦੀ ਮੌਤ, 15 ਜ਼ਖ਼ਮੀ

ਗੁਜਰਾਤ ਦੇ ਅਹਿਮਦਾਬਾਦ ਤੋਂ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪਟਾਕਾ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ 8 ਲੋਕਾਂ ਦੀ ਜਾਨ ਚਲੀ ਗਈ। ਇਸ ਹਾਦਸੇ ਵਿੱਚ 15 ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਘਟਨਾ ਅਹਿਮਦਾਬਾਦ ਦੇ ਮਹਿਮਦਪੁਰਾ ਇਲਾਕੇ ਵਿੱਚ ਸਥਿਤ ‘ਟੇਲੇਂਟ ਪਟਾਕਾ ਫੈਕਟਰੀ’ ਦੀ ਹੈ। ਫੈਕਟਰੀ ਵਿੱਚ ਅੱਗ ਲੱਗਣ ਤੋਂ ਤੁਰੰਤ ਬਾਅਦ ਉੱਥੇ ਪਏ ਬਾਰੂਦ ਅਤੇ ਹੋਰ ਵਿਸਫੋਟਕ ਸਮੱਗਰੀ ਕਾਰਨ ਇੱਕ ਤੋਂ ਬਾਅਦ ਇੱਕ ਕਈ ਜ਼ੋਰਦਾਰ ਧਮਾਕੇ ਹੋਣੇ ਸ਼ੁਰੂ ਹੋ ਗਏ। ਇਨ੍ਹਾਂ ਧਮਾਕਿਆਂ ਦੀ ਆਵਾਜ਼ ਨਾਲ ਆਸ-ਪਾਸ ਦੇ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਲੋਕ ਡਰ ਕੇ ਇੱਧਰ-ਉੱਧਰ ਭੱਜਣ ਲੱਗੇ।

ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਫਿਲਹਾਲ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਅਤੇ ਫੈਕਟਰੀ ਅੰਦਰ ਫਸੇ ਹੋਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਕੰਮ ਵਿੱਚ ਜੁਟੇ ਹੋਏ ਹਨ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।