ਸੁਲਤਾਨਪੁਰ ਲੋਧੀ ਦੇ ਫੱਤੂ ਢਿੰਗਾ ਵਿੱਚ ਚੇਅਰਮੈਨੀ ਚੋਣ ਦੌਰਾਨ ਤਣਾਅ ਚਰਮ ‘ਤੇ, ਗੋਲੀ ਚੱਲਣ ਨਾਲ ਹਾਲਾਤ ਬੇਕਾਬੂ

ਕਪੂਰਥਲਾ: ਹਲਕਾ ਸੁਲਤਾਨਪੁਰ ਲੋਧੀ ਦੇ ਜੋਨ ਫੱਤੂ ਢਿੰਗਾ ਵਿੱਚ ਬਲਾਕ ਸੰਮਤੀ ਦੀ ਚੇਅਰਮੈਨੀ ਨੂੰ ਲੈ ਕੇ ਅੱਜ ਮਾਹੌਲ ਅਚਾਨਕ ਤਣਾਅਪੂਰਨ ਬਣ ਗਿਆ। ਬਲਾਕ ਸੰਮਤੀ ਦਫਤਰ ਢਿਲਵਾਂ ਵਿਖੇ ਹੋਣ ਵਾਲੀ ਚੋਣ ਤੋਂ ਪਹਿਲਾਂ ਹੀ ਬਾਹਰ ਸਿਆਸੀ ਟਕਰਾਅ ਨੇ ਹਿੰਸਕ ਰੂਪ ਧਾਰ ਲਿਆ।

ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ਵਿਚਾਲੇ ਤਿੱਖੀ ਝੜਪ ਹੋ ਗਈ, ਜਿਸ ਦੌਰਾਨ ਗੋਲੀ ਚੱਲਣ ਦੀ ਵੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਚੋਣ ਪ੍ਰਕਿਰਿਆ ‘ਤੇ ਵੀ ਸਵਾਲ ਖੜੇ ਹੋ ਗਏ ਹਨ।

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਗੰਭੀਰ ਦੋਸ਼ ਲਗਾਏ ਗਏ ਹਨ ਕਿ ਪੁਲਿਸ ਪ੍ਰਸ਼ਾਸਨ ਨੇ ਬਣਦੀ ਕਾਰਵਾਈ ਨਹੀਂ ਕੀਤੀ ਅਤੇ ਉਨ੍ਹਾਂ ਦੇ ਇੱਕ ਕੈਂਡੀਡੇਟ ਨੂੰ ਕਿਡਨੈਪ ਕਰ ਲਿਆ ਗਿਆ। ਇਸ ਦੇ ਨਾਲ ਹੀ ਇਹ ਵੀ ਦੋਸ਼ ਲਾਇਆ ਗਿਆ ਕਿ ਇੱਕ ਹੋਰ ਕੈਂਡੀਡੇਟ ਨੂੰ ਦਫਤਰ ਦੇ ਅੰਦਰ ਜਾਣ ਤੋਂ ਰੋਕਿਆ ਗਿਆ, ਜਿਸ ਨਾਲ ਲੋਕਤੰਤਰਕ ਪ੍ਰਕਿਰਿਆ ਨੂੰ ਝਟਕਾ ਲੱਗਿਆ ਹੈ।

ਦੂਜੇ ਪਾਸੇ ਹਾਲਾਤ ਨੂੰ ਕਾਬੂ ਕਰਨ ਲਈ ਮੌਕੇ ‘ਤੇ ਭਾਰੀ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ ਅਤੇ ਇਲਾਕੇ ਨੂੰ ਪੂਰੀ ਤਰ੍ਹਾਂ ਸੁਰੱਖਿਆ ਘੇਰੇ ਵਿੱਚ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਲਾਤਾਂ ਨੂੰ ਨਾਰਮਲ ਕਰਨ ਦੀ ਕੋਸ਼ਿਸ਼ ਜਾਰੀ ਹੈ।

ਇਸ ਘਟਨਾ ਨੇ ਸੁਲਤਾਨਪੁਰ ਲੋਧੀ ਦੇ ਸਿਆਸੀ ਮਾਹੌਲ ਨੂੰ ਹੋਰ ਵੀ ਗਰਮਾ ਦਿੱਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸਦੇ ਵੱਡੇ ਸਿਆਸੀ ਪ੍ਰਭਾਵ ਦੇਖਣ ਨੂੰ ਮਿਲ ਸਕਦੇ ਹਨ