ਧਮਾਕੇ ਨਾਲ ਕੰਬਿਆ ਜਸ਼ਪੁਰ: ਜੰਗਲਾਂ ‘ਚ ਡਿੱਗਿਆ ਚਾਰਟਰਡ ਜਹਾਜ਼, ਅੱਗ ਦੀਆਂ ਲਪਟਾਂ ਨੇ ਮਚਾਈ ਤਬਾਈ

ਛੱਤੀਸਗੜ੍ਹ ਦੇ ਜਸ਼ਪੁਰ ਜ਼ਿਲ੍ਹੇ ਵਿੱਚ ਇੱਕ ਨਿੱਜੀ ਚਾਰਟਰਡ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਇਹ ਘਟਨਾ ਨਾਰਾਇਣਪੁਰ ਖੇਤਰ ਦੇ ਰਤਨਪਹਿਲੀ ਜੰਗਲੀ ਇਲਾਕੇ ਵਿੱਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਜਹਾਜ਼ ਜੰਗਲ ਵਿੱਚ ਇੱਕ ਉੱਚੇ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਸਿੱਧਾ ਜ਼ਮੀਨ ‘ਤੇ ਜਾ ਡਿੱਗਿਆ।

ਟਕਰਾਅ ਇੰਨਾ ਭਿਆਨਕ ਸੀ ਕਿ ਹਾਦਸੇ ਤੋਂ ਤੁਰੰਤ ਬਾਅਦ ਜਹਾਜ਼ ਨੂੰ ਭਿਆਨਕ ਅੱਗ ਲੱਗ ਗਈ ਅਤੇ ਅਸਮਾਨ ਵਿੱਚ ਧੂੰਏਂ ਦੇ ਗੁਬਾਰ ਉੱਠਦੇ ਵੇਖੇ ਗਏ। ਜਹਾਜ਼ ਵਿੱਚ ਕਿੰਨੇ ਲੋਕ ਸਵਾਰ ਸਨ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਕੀ ਹੈ, ਇਸ ਬਾਰੇ ਅਜੇ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।

ਹਾਦਸੇ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਸ ਵਿੱਚ ਆਰਾ ਹਿੱਲ ਦੀਆਂ ਪਹਾੜੀਆਂ ਤੋਂ ਅੱਗ ਦੀਆਂ ਲਪਟਾਂ ਨਜ਼ਰ ਆ ਰਹੀਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਅਧਿਕਾਰੀ ਬਚਾਅ ਕਾਰਜਾਂ ਲਈ ਮੌਕੇ ‘ਤੇ ਪਹੁੰਚ ਗਏ ਹਨ। ਫਿਲਹਾਲ ਰਾਹਤ ਕਾਰਜ ਜਾਰੀ ਹਨ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।