ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਜਲੰਧਰ-ਫਗਵਾੜਾ ਹਾਈਵੇਅ ‘ਤੇ ਸਥਿਤ ਇੱਕ ਨਿੱਜੀ ਹੋਟਲ ਵਿੱਚ ਹੋਈ ਪਾਰਟੀ ਦੀ ਅਹਿਮ ਮੀਟਿੰਗ ਦੌਰਾਨ ਲਿਆ ਗਿਆ।
ਮੀਟਿੰਗ ਵਿੱਚ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰੱਖੜਾ ਪਾਰਟੀ ਵਿੱਚ ਰਹਿ ਕੇ ਹੀ ਜਥੇਬੰਦੀ ਨੂੰ ਅੰਦਰੂਨੀ ਤੌਰ ‘ਤੇ ਕਮਜ਼ੋਰ ਕਰਨ ਦੀਆਂ ਗਤੀਵਿਧੀਆਂ ਕਰ ਰਹੇ ਸਨ, ਜਿਸ ਕਾਰਨ ਉਨ੍ਹਾਂ ਖਿਲਾਫ਼ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ।
ਬੇਅਦਬੀ ਕਾਨੂੰਨ ‘ਤੇ ਜਥੇਦਾਰ ਦੀ ਰਾਇ
ਬੇਅਦਬੀ ਵਿਰੋਧੀ ਕਾਨੂੰਨ ਦੇ ਮੁੱਦੇ ‘ਤੇ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਾਨੂੰਨ ਲਿਆਉਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ (SGPC) ਨੂੰ ਜਾਣੂ ਕਰਵਾਇਆ ਸੀ ਅਤੇ ਹੁਣ ਕਮੇਟੀ ਵਿਰੋਧ ਕਰ ਰਹੀ ਹੈ, ਤਾਂ ਇਹ ਗਲਤ ਹੈ। ਉਨ੍ਹਾਂ ਕੁਝ ਅਹਿਮ ਸੁਝਾਅ ਦਿੱਤੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੇ ਮੁੱਦੇ ‘ਤੇ ਧਿਰਾਂ ਵਿਚਾਲੇ ਕੋਈ ਟਕਰਾਅ ਨਹੀਂ ਹੋਣਾ ਚਾਹੀਦਾ। ਸ਼੍ਰੋਮਣੀ ਕਮੇਟੀ, ਅਕਾਲ ਤਖ਼ਤ ਸਾਹਿਬ ਦੇ ਨੁਮਾਇੰਦਿਆਂ ਅਤੇ ਕਾਨੂੰਨੀ ਮਾਹਿਰਾਂ ਨੂੰ ਮਿਲ ਕੇ ਇਸ ਦਾ ਸਹੀ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਗੱਲਬਾਤ ਰਾਹੀਂ ਹਰ ਸਮੱਸਿਆ ਦਾ ਹੱਲ ਸੰਭਵ ਹੈ।
2027 ਦੀਆਂ ਚੋਣਾਂ ਅਤੇ ਵੋਟਾਂ ਦਾ ਮੁੱਦਾ
ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਚਰਚਾ ਕਰਦਿਆਂ ਉਨ੍ਹਾਂ ਪੱਛਮੀ ਬੰਗਾਲ ਦੀ ਇੱਕ ਉਦਾਹਰਨ ਦਿੱਤੀ। ਉਨ੍ਹਾਂ ਕਿਹਾ ਕਿ ਉੱਥੇ ਕਈ ਅਸਲ ਵੋਟਾਂ ਰੱਦ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਚਿਤਾਵਨੀ ਦਿੱਤੀ ਕਿ ਗੈਰ-ਕਾਨੂੰਨੀ ਵੋਟਾਂ ਕੱਟਣਾ ਸਹੀ ਹੈ, ਪਰ ਕਿਸੇ ਦੀ ਜਾਇਜ਼ ਵੋਟ ਰੱਦ ਨਹੀਂ ਹੋਣੀ ਚਾਹੀਦੀ। ਪੰਜਾਬ ਦੇ ਲੋਕਾਂ ਅਤੇ ਸਿਆਸੀ ਪਾਰਟੀਆਂ ਨੂੰ ਵੋਟਾਂ ਦੇ ਮਾਮਲੇ ਵਿੱਚ ਹੁਣ ਤੋਂ ਹੀ ਸੁਚੇਤ ਰਹਿਣ ਦੀ ਲੋੜ ਹੈ।
