ਬਿਹਾਰ ਦੀ ਰਾਜਨੀਤੀ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਬਾਂਕੀਪੁਰ ਵਿਧਾਨ ਸਭਾ ਉਪਚੋਣ ‘ਚ ਜਨ ਸੁਰਾਜ ਦੇ ਉਮੀਦਵਾਰ ਪ੍ਰਸ਼ਾਂਤ ਕਿਸ਼ੋਰ ਵੱਡੀ ਜਿੱਤ ਵੱਲ ਵਧਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਭਾਜਪਾ ਦਾ 35 ਸਾਲ ਪੁਰਾਣਾ ਮਜ਼ਬੂਤ ਗੜ੍ਹ ਹਿਲਦਾ ਦਿਖਾਈ ਦੇ ਰਿਹਾ ਹੈ
ਜਿੱਤ ਵੱਲ ਵਧਣ ਤੋਂ ਬਾਅਦ ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬਾਂਕੀਪੁਰ ਦੇ ਲੋਕਾਂ ਨੇ ਜੋ ਭਰੋਸਾ ਅਤੇ ਪਿਆਰ ਦਿੱਤਾ ਹੈ, ਉਸ ਦਾ ਸਨਮਾਨ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਆਉਣ ਵਾਲੇ ਦੋ-ਤਿੰਨ ਮਹੀਨਿਆਂ ਵਿੱਚ ਲੋਕਾਂ ਨੂੰ ਬਦਲਾਅ ਨਜ਼ਰ ਆਉਣ ਲੱਗੇਗਾ
ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਉਹ ਵੱਡੇ-ਵੱਡੇ ਵਾਅਦੇ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਸਿਰਫ਼ ਵਿਧਾਇਕ ਬਣਨ ਨਾਲ ਬਾਂਕੀਪੁਰ ਬੈਂਗਲੁਰੂ ਨਹੀਂ ਬਣ ਜਾਵੇਗਾ, ਪਰ ਇਲਾਕੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਜ਼ਰੂਰ ਕੰਮ ਕੀਤਾ ਜਾਵੇਗਾ।
ਉਨ੍ਹਾਂ ਭਾਜਪਾ ਨੂੰ ਵੀ ਸੰਦੇਸ਼ ਦਿੰਦਿਆਂ ਕਿਹਾ ਕਿ ਬਾਂਕੀਪੁਰ ਦੇ ਲੋਕਾਂ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਇੱਕ ਚੰਗੇ ਅਤੇ ਯੋਗ ਵਿਅਕਤੀ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਕਿਸੇ ਹੋਰ ਨੇਤਾ ਨੂੰ ਅੱਗੇ ਲਿਆਉਣਾ ਚਾਹੁੰਦੀ ਹੈ ਤਾਂ ਇਹ ਉਨ੍ਹਾਂ ਦਾ ਫੈਸਲਾ ਹੈ, ਪਰ ਚੁਣਿਆ ਜਾਣ ਵਾਲਾ ਵਿਅਕਤੀ ਇਮਾਨਦਾਰ ਅਤੇ ਸਮਰੱਥ ਹੋਣਾ ਚਾਹੀਦਾ ਹੈ
ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਬਿਹਾਰ ਦਾ ਵਿਕਾਸ ਸਭ ਤੋਂ ਵੱਡਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਜਿੱਤ-ਹਾਰ ਚੱਲਦੀ ਰਹਿੰਦੀ ਹੈ, ਪਰ ਅਸਲ ਮਹੱਤਵ ਇਸ ਗੱਲ ਦਾ ਹੈ ਕਿ ਬਿਹਾਰ ਨੂੰ ਤਰੱਕੀ ਦੇ ਰਾਹ ‘ਤੇ ਅੱਗੇ ਲਿਜਾਇਆ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਪਾਰਟੀ ਦੀ ਬਣੇ, ਪਰ ਲੋਕਾਂ ਦੀ ਭਲਾਈ ਅਤੇ ਸੂਬੇ ਦਾ ਵਿਕਾਸ ਸਭ ਤੋਂ ਉੱਪਰ ਹੋਣਾ ਚਾਹੀਦਾ ਹੈ
