ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਇਹ ਮਾਮਲਾ ਮਨੁੱਖੀ ਅਧਾਰ ’ਤੇ ਵਿਚਾਰਨ ਦੀ ਬੇਨਤੀ ਕੀਤੀ ਹੈ ਤਾਂ ਜੋ ਹਵਾਰਾ ਆਪਣੀ ਬਿਮਾਰ ਮਾਤਾ ਦੀ ਦੇਖਭਾਲ ਕਰ ਸਕਣ
ਪੱਤਰ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਸਿਹਤ ਠੀਕ ਨਹੀਂ ਰਹਿ ਰਹੀ ਅਤੇ ਉਨ੍ਹਾਂ ਦੀ ਦੇਖਭਾਲ ਲਈ ਹਵਾਰਾ ਨੂੰ ਕੁਝ ਸਮੇਂ ਲਈ ਪੈਰੋਲ ਦੇਣ ਦੀ ਮੰਗ ਕੀਤੀ ਗਈ ਹੈ।
CM ਮਾਨ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਹਮਦਰਦੀ ਨਾਲ ਵਿਚਾਰਦੇ ਹੋਏ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਦੀ ਵਿਗੜਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ
ਪੱਤਰ ਵਿੱਚ ਮੁੱਖ ਮੰਤਰੀ ਨੇ ਇਹ ਵੀ ਜ਼ਿਕਰ ਕੀਤਾ ਕਿ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਮਾਤਾ ਦੀ ਸਿਹਤ ਸਬੰਧੀ ਪੈਰੋਲ ਲਈ ਅਦਾਲਤੀ ਪ੍ਰਕਿਰਿਆ ਤਹਿਤ ਅਰਜ਼ੀ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵੀ ਅਧਿਕਾਰੀਆਂ ਨੂੰ ਪੈਰੋਲ ਅਰਜ਼ੀ ’ਤੇ ਸਮੇਂਬੱਧ ਫੈਸਲਾ ਲੈਣ ਲਈ ਕਿਹਾ ਗਿਆ ਸੀ
ਮੁੱਖ ਮੰਤਰੀ ਵੱਲੋਂ ਲਿਖੇ ਪੱਤਰ ਤੋਂ ਬਾਅਦ ਹੁਣ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ। ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਰਹੀ ਹੈ, ਖਾਸ ਕਰਕੇ ਉਨ੍ਹਾਂ ਦੀ ਬਿਮਾਰ ਮਾਤਾ ਨੂੰ ਮਿਲਣ ਦੀ ਮੰਗ ਨੂੰ ਲੈ ਕੇ

