ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ISI ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਮੋਡੀਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ
ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ SBS ਨਗਰ ਪੁਲਿਸ ਨਾਲ ਮਿਲ ਕੇ ਕਾਰਵਾਈ ਕਰਦਿਆਂ ਵਿਦੇਸ਼ ਬੈਠੇ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਇਸ ਮੋਡੀਊਲ ਦੇ ਇੱਕ ਮੁੱਖ ਕਾਰਕੁਨ ਨੂੰ ਗ੍ਰਿਫ਼ਤਾਰ ਕੀਤਾ ਹੈ
ਪੁਲਿਸ ਨੇ ਮੁਲਜ਼ਮ ਕੋਲੋਂ ਇੱਕ 86-P ਹੈਂਡ ਗ੍ਰਨੇਡ ਬਰਾਮਦ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਕਾਰਵਾਈ ਨਾਲ ਇੱਕ ਸੰਭਾਵਿਤ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ
ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਗ੍ਰਨੇਡ ਹਾਸਲ ਕਰਨ ਦਾ ਦਾਅਵਾ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਵਿਦੇਸ਼ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਜਲੰਧਰ ਦੇ ਆਦਮਪੁਰ ਨੇੜੇ ਇੱਕ DLB ਕੋਲੋਂ ਇਹ ਗ੍ਰਨੇਡ ਪ੍ਰਾਪਤ ਕੀਤਾ ਸੀ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਨੂੰ ਹੋਰ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਨਾਲ ਜੁੜੇ ਵਿਦੇਸ਼ੀ ਸੰਪਰਕਾਂ, ਸਥਾਨਕ ਸਹਾਇਕਾਂ ਅਤੇ ਹੋਰ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ।
ਥਾਣਾ ਸਦਰ ਨਵਾਂਸ਼ਹਿਰ ਵਿੱਚ ਦਰਜ ਹੋਇਆ ਮਾਮਲਾ
ਇਸ ਮਾਮਲੇ ਸਬੰਧੀ ਥਾਣਾ ਸਦਰ ਨਵਾਂਸ਼ਹਿਰ, SBS ਨਗਰ ਵਿੱਚ BNS ਅਤੇ ਐਕਸਪਲੋਸਿਵ ਸਬਸਟੈਂਸ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ
ਪੰਜਾਬ ਪੁਲਿਸ ਨੇ ਕਿਹਾ ਕਿ ਸੂਬੇ ਵਿੱਚ ਅੱਤਵਾਦੀ ਗਤੀਵਿਧੀਆਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ। ਪੁਲਿਸ ਮੁਤਾਬਕ ਲੋਕਾਂ ਦੀ ਸੁਰੱਖਿਆ ਅਤੇ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ
