ਸਨੌਰ ਦੀ ਖਾਲਸਾ ਕਲੋਨੀ ਵਿੱਚ ਗੱਡੀ ਅੱਗੇ-ਪਿੱਛੇ ਕਰਨ ਦੇ ਮਾਮਲੇ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਨੇ ਖੂਨੀ ਰੂਪ ਧਾਰ ਲਿਆ। ਇਸ ਹਿੰਸਕ ਝੜਪ ਦੌਰਾਨ ਦੋ ਵਿਅਕਤੀਆਂ ਵੱਲੋਂ ਕਿਰਚਾਂ ਨਾਲ ਕੀਤੇ ਗਏ ਹਮਲੇ ਵਿੱਚ ਕਰੀਬ 27 ਸਾਲਾ ਨੌਜਵਾਨ ਜਸ਼ਨ ਵਿਰਕ ਦੀ ਮੌਤ ਹੋ ਗਈ, ਜਦਕਿ ਉਸ ਨੂੰ ਬਚਾਉਣ ਆਇਆ ਬਲਦੇਵ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਸ਼ਨ ਵਿਰਕ ਨੂੰ ਮ੍ਰਿਤਕ ਐਲਾਨ ਦਿੱਤਾ। ਦਿਨ-ਦਹਾੜੇ ਵਾਪਰੀ ਇਸ ਖੌਫ਼ਨਾਕ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਕਾਬੂ ਕੀਤਾ ਜਾ ਸਕੇ।
