ਹੁਸ਼ਿਆਰਪੁਰ ‘ਚ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਧਾਰਮਿਕ ਸਮਾਗਮ 12 ਨੂੰ : ਬ੍ਰਮ ਸ਼ੰਕਰ ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਸਮਾਗਮ ‘ਚ ਕਰਨਗੇ ਸ਼ਿਰਕਤ

ਹੁਸ਼ਿਆਰਪੁਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ‘ਮਿੰਨੀ ਕਾਸ਼ੀ’ ਦੇ ਨਾਮ ਨਾਲ ਪ੍ਰਸਿੱਧ ਹੁਸ਼ਿਆਰਪੁਰ ਸ਼ਹਿਰ ਵਿੱਚ 12 ਅਗਸਤ ਨੂੰ ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਦੁਸਹਿਰਾ ਗਰਾਊਂਡ ਵਿਖੇ ਹੋਣ ਜਾ ਰਿਹਾ ਹੈ
     ਵਿਧਾਇਕ ਜਿੰਪਾ ਨੇ ਸਮੂਹ ਇਲਾਕਾ ਵਾਸੀਆਂ ਨੂੰ ਇਸ ਭਗਤੀਮਈ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਪ੍ਰਸਿੱਧ ਗਾਇਕ ਕੈਲਾਸ਼ ਖੇਰ ਪਹਿਲੀ ਵਾਰ ਹੁਸ਼ਿਆਰਪੁਰ ਸ਼ਹਿਰ ਦੀ ਪਵਿੱਤਰ ਧਰਤੀ ’ਤੇ ਪਹੁੰਚ ਰਹੇ ਹਨ। ਭਗਵਾਨ ਸ਼ਿਵ ਦੇ ਭਜਨਾਂ ਲਈ ਦੁਨੀਆ ਭਰ ਵਿੱਚ ਮਸ਼ਹੂਰ ਕੈਲਾਸ਼ ਖੇਰ ਭਗਵਾਨ ਸ਼ਿਵ ਦੀ ਭਗਤੀ ਨਾਲ ਸਰਾਬੋਰ ਆਪਣੀ ਵਿਸ਼ੇਸ਼ ਪੇਸ਼ਕਾਰੀ ਦੇਣਗੇ
         ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਇਤਿਹਾਸਕ ਧਾਰਮਿਕ ਸਮਾਗਮ ਦੀ ਸ਼ੋਭਾ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ।
      ਉਨ੍ਹਾਂ ਕਿਹਾ ਕਿ ਸਮਾਗਮ ਦੀ ਸ਼ੁਰੂਆਤ ਬੁੱਧਵਾਰ ਸ਼ਾਮ 6:30 ਵਜੇ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਪਹੁੰਚਣ ਵਾਲੇ ਸਮੂਹ ਸ਼ਰਧਾਲੂਆਂ ਲਈ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਹੈ। ਵਿਧਾਇਕ ਨੇ ਸ਼ਹਿਰ ਦੀਆਂ ਸਮੂਹ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਪਹੁੰਚ ਕੇ ਭਗਵਾਨ ਸ਼ਿਵ ਨੂੰ ਸਮਰਪਿਤ ਇਸ ਭਗਤੀ ਨਾਲ ਭਰਪੂਰ ਸ਼ਾਮ ਦਾ ਆਨੰਦ ਮਾਣਨ