ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ਦੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਹੈ
ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨੇ ਸੁਖਬੀਰ ਬਾਦਲ ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਫੋਨ ‘ਤੇ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਪੁੱਛਿਆ। ਦੱਸਿਆ ਜਾ ਰਿਹਾ ਹੈ ਕਿ ਹਮਲੇ ਸਮੇਂ ਹਰਸਿਮਰਤ ਕੌਰ ਬਾਦਲ ਵੀ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸਨ, ਪਰ ਉਹ ਇਸ ਘਟਨਾ ਵਿੱਚ ਸੁਰੱਖਿਅਤ ਰਹੇ
ਸੁਖਬੀਰ ਸਿੰਘ ਬਾਦਲ ਦੀ ਸਿਹਤ ਹੁਣ ਸਥਿਰ ਦੱਸੀ ਜਾ ਰਹੀ ਹੈ। ਹਮਲੇ ਦੌਰਾਨ ਉਨ੍ਹਾਂ ਦੀ ਬਾਂਹ ‘ਤੇ ਸੱਟ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਵਿਅਕਤੀ ਵੱਲੋਂ ਕਥਿਤ ਤੌਰ ‘ਤੇ ਕਿਰਪਾਨ ਨਾਲ ਸੁਖਬੀਰ ਬਾਦਲ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਮੌਕੇ ‘ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ।
ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਅਧਿਕਾਰੀ ਹਮਲੇ ਦੇ ਕਾਰਨਾਂ ਅਤੇ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ
