PM ਮੋਦੀ ਦਾ ਵੱਡਾ ਐਲਾਨ: ਪ੍ਰੀਖਿਆਵਾਂ ਲਈ ਦੇਸ਼ ਭਰ ਵਿੱਚ ਮੁਫ਼ਤ ਆਨਲਾਈਨ ਕੋਚਿੰਗ ਸ਼ੁਰੂ ਕਰਨ ਦੀ ਤਿਆਰੀ

ਨਵੀਂ ਦਿੱਲੀ: 80ਵੇ ਆਜ਼ਾਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਦੇਸ਼ ਪੱਧਰੀ ਮੁਫ਼ਤ ਆਨਲਾਈਨ ਕੋਚਿੰਗ ਦੀ ਵਿਵਸਥਾ ਕੀਤੀ ਜਾਵੇਗੀ

ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਦੇਸ਼ ਨੂੰ ਸੰਬੋਧਨ ਕਰਦਿਆਂ PM ਮੋਦੀ ਨੇ ਕਿਹਾ ਕਿ ਕੋਚਿੰਗ ਸੈਂਟਰਾਂ ‘ਤੇ ਵਧਦੀ ਨਿਰਭਰਤਾ ਕਾਰਨ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ‘ਤੇ ਵੱਡਾ ਆਰਥਿਕ ਬੋਝ ਪੈ ਰਿਹਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਇਹ ਪਹਿਲ ਕੀਤੀ ਜਾ ਰਹੀ ਹੈ

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਈ ਮਾਪੇ ਆਪਣੇ ਬੱਚਿਆਂ ਨੂੰ ਕੋਚਿੰਗ ਦਿਵਾਉਣ ਲਈ ਵੱਡੀ ਰਕਮ ਖਰਚ ਕਰਦੇ ਹਨ ਅਤੇ ਕਈ ਵਾਰ ਆਰਥਿਕ ਦਬਾਅ ਦਾ ਸਾਹਮਣਾ ਕਰਨਾ ਪੈਂਦਾ ਹੈ। ਨਵੀਂ ਯੋਜਨਾ ਦਾ ਉਦੇਸ਼ ਪਰਿਵਾਰਾਂ ‘ਤੇ ਪੈ ਰਹੇ ਇਸ ਵਿੱਤੀ ਬੋਝ ਨੂੰ ਘਟਾਉਣਾ ਹੈ

ਉਨ੍ਹਾਂ ਦੱਸਿਆ ਕਿ ਦੇਸ਼ ਦੀ ਡਿਜੀਟਲ ਪਬਲਿਕ ਇੰਫਰਾਸਟਰੱਕਚਰ ਅਤੇ ਤਜਰਬੇਕਾਰ ਅਧਿਆਪਕਾਂ ਦੀ ਮਦਦ ਨਾਲ ਇੱਕ ਅਜਿਹਾ ਨੈੱਟਵਰਕ ਤਿਆਰ ਕੀਤਾ ਜਾਵੇਗਾ, ਜਿਸ ਰਾਹੀਂ ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾ ਸਕੇ।

PM ਮੋਦੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕੋਚਿੰਗ ਲਈ ਆਪਣੇ ਘਰਾਂ ਤੋਂ ਦੂਰ ਜਾਣ ਦੀ ਲੋੜ ਨਾ ਪਵੇ ਅਤੇ ਉਹ ਆਪਣੇ ਪਰਿਵਾਰ ਦੇ ਨੇੜੇ ਰਹਿ ਕੇ ਹੀ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣ।

ਉਨ੍ਹਾਂ ਕਿਹਾ ਕਿ ਭਾਰਤ ਕੋਲ ਲੋੜੀਂਦੀ ਤਕਨਾਲੋਜੀ ਅਤੇ ਪ੍ਰਤਿਭਾਸ਼ਾਲੀ ਅਧਿਆਪਕ ਮੌਜੂਦ ਹਨ, ਜਿਨ੍ਹਾਂ ਨੂੰ ਇਕੱਠਾ ਕਰਕੇ ਦੇਸ਼ ਦੇ ਨੌਜਵਾਨਾਂ ਲਈ ਵੱਡਾ ਸਿੱਖਿਆ ਨੈੱਟਵਰਕ ਬਣਾਇਆ ਜਾਵੇਗਾ।

ਇਹ ਐਲਾਨ ਪ੍ਰਧਾਨ ਮੰਤਰੀ ਦੇ ਵਿਕਸਿਤ ਭਾਰਤ 2047 ਦੇ ਵਿਜ਼ਨ ਨਾਲ ਜੁੜਿਆ ਹੋਇਆ ਹੈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਪਿਛਲੇ ਸਾਲਾਂ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਅਤੇ ਦੇਸ਼ ਦੇ 140 ਕਰੋੜ ਲੋਕਾਂ ਦੇ ਸੰਕਲਪ ਨਾਲ ਵਿਕਸਿਤ ਰਾਸ਼ਟਰ ਬਣਨ ਵੱਲ ਅੱਗੇ ਵੱਧ ਰਿਹਾ ਹੈ