ਨਵੀਂ ਦਿੱਲੀ: ਦਿੱਲੀ ਜਲ ਬੋਰਡ ਟੈਂਡਰ ਮਾਮਲੇ ਵਿੱਚ ਆਮ ਆਦਮੀ ਪਾਰਟੀ (AAP) ਦੇ ਆਗੂ ਅਤੇ ਸਾਬਕਾ ਮੰਤਰੀ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਰਟੀ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। AAP ਆਗੂ ਅਨੁਰਾਗ ਢਾਂਡਾ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਦਿਆਂ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।
ਅਨੁਰਾਗ ਢਾਂਡਾ ਨੇ ਕਿਹਾ ਕਿ, “ਹੁਣ ਹੋਰ ਕਿੰਨੇ ਸਬੂਤ ਚਾਹੀਦੇ ਹਨ ਕਿ ਭਾਜਪਾ ਨੂੰ AAP ਤੋਂ ਡਰ ਲੱਗਦਾ ਹੈ।” ਉਨ੍ਹਾਂ ਦਾਅਵਾ ਕੀਤਾ ਕਿ ਜਿਸ ਜਲ ਬੋਰਡ ਟੈਂਡਰ ਮਾਮਲੇ ਦਾ ਹਵਾਲਾ ਦੇ ਕੇ ਸਤਿੰਦਰ ਜੈਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਸ ਸਮੇਂ ਉਹ ਜੇਲ੍ਹ ਵਿੱਚ ਸਨ।
ਉਨ੍ਹਾਂ ਸਵਾਲ ਚੁੱਕਿਆ ਕਿ ਜਦੋਂ ਸਤਿੰਦਰ ਜੈਨ ਜੇਲ੍ਹ ਵਿੱਚ ਸਨ ਤਾਂ ਫਿਰ ਉਨ੍ਹਾਂ ਨੂੰ ਇਸ ਮਾਮਲੇ ਲਈ ਜ਼ਿੰਮੇਵਾਰ ਕਿਵੇਂ ਠਹਿਰਾਇਆ ਜਾ ਸਕਦਾ ਹੈ। ਢਾਂਡਾ ਨੇ ਕਿਹਾ ਕਿ ਇਸ ਕਾਰਵਾਈ ਦਾ ਅਸਲ ਕਾਰਨ ਸਿਆਸੀ ਹੈ, ਕਿਉਂਕਿ ਸਤਿੰਦਰ ਜੈਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਹਿ-ਪ੍ਰਭਾਰੀ ਹਨ ਅਤੇ ਸੂਬੇ ਵਿੱਚ ਚੋਣਾਂ ਆ ਰਹੀਆਂ ਹਨ।
AAP ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ‘ਤੇ ਵੀ ਹਮਲਾ ਕਰਦਿਆਂ ਕਿਹਾ ਕਿ ਜਾਂਚ ਏਜੰਸੀਆਂ ਦੀ ਵਰਤੋਂ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਭਾਜਪਾ ‘ਤੇ ਰਾਜਨੀਤਿਕ ਡਰ ਪੈਦਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ।
ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਜਲ ਬੋਰਡ ਨਾਲ ਜੁੜੇ ਟੈਂਡਰ ਮਾਮਲੇ ਵਿੱਚ ਐਂਟੀ ਕਰਪਸ਼ਨ ਬਿਊਰੋ (ACB) ਵੱਲੋਂ ਸਤਿੰਦਰ ਜੈਨ ਸਮੇਤ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਮਾਮਲਾ ਟੈਂਡਰ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਹੈ।
ਉੱਥੇ ਹੀ ਆਮ ਆਦਮੀ ਪਾਰਟੀ ਲਗਾਤਾਰ ਦੋਸ਼ ਲਗਾ ਰਹੀ ਹੈ ਕਿ ਕੇਂਦਰੀ ਜਾਂਚ ਏਜੰਸੀਆਂ ਦਾ ਇਸਤੇਮਾਲ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਜਾ ਰਿਹਾ ਹੈ
