ਰੱਖੜ ਪੁੰਨਿਆ ਮੌਕੇ CM ਮਾਨ ਦਾ ਵੱਡਾ ਐਲਾਨ: 5.30 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਪਾਇਆ ₹181.50 ਕਰੋੜ ਦਾ ‘ਸ਼ਗਨ’

ਬਾਬਾ ਬਕਾਲਾ ਸਾਹਿਬ: ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਵਧਾਈਆਂ ਦਿੰਦਿਆਂ ਸੂਬੇ ਦੀਆਂ ਮਹਿਲਾਵਾਂ ਲਈ ਚਲਾਈ ਜਾ ਰਹੀ ‘ਸਤਿਕਾਰ ਯੋਜਨਾ’ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰੱਖੜੀ ਮੌਕੇ ਭੈਣਾਂ ਨਾਲ ਕੀਤਾ ਵਾਅਦਾ ਪੂਰਾ ਕਰਦਿਆਂ ਅੱਜ 5.30 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ₹181.50 ਕਰੋੜ ਦੀ ਰਕਮ ‘ਸ਼ਗਨ’ ਵਜੋਂ ਟਰਾਂਸਫਰ ਕੀਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 70.92 ਲੱਖ ਮਾਵਾਂ-ਭੈਣਾਂ ਇਸ ਯੋਜਨਾ ਦਾ ਲਾਭ ਲੈ ਚੁੱਕੀਆਂ ਹਨ। ਉਨ੍ਹਾਂ ਮੁਤਾਬਕ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਹਾਰਾ ਦੇਣ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਪੰਜਾਬ ਦੀ ਤਰੱਕੀ ਬਾਰੇ CM ਮਾਨ ਨੇ ਗਿਣਾਈਆਂ ਪ੍ਰਾਪਤੀਆਂ

ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਪੰਜਾਬ ਸਰਕਾਰ ਦੀਆਂ ਹੋਰ ਉਪਲਬਧੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਦਕਿ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵੀ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਅਨੁਸਾਰ ਸਰਕਾਰ ਵੱਲੋਂ ਹੁਣ ਤੱਕ 70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਵੱਲੋਂ NEET ਪ੍ਰੀਖਿਆ ਪਾਸ ਕਰਨ ਨੂੰ ਵੀ ਉਨ੍ਹਾਂ ਨੇ ਸਿੱਖਿਆ ਖੇਤਰ ਵਿੱਚ ਹੋ ਰਹੇ ਬਦਲਾਅ ਦੀ ਮਿਸਾਲ ਦੱਸਿਆ।

CM ਮਾਨ ਨੇ ਕਿਹਾ ਕਿ ਪੰਜਾਬ ਮੁੜ ਤਰੱਕੀ ਦੀਆਂ ਲੀਹਾਂ ’ਤੇ ਅੱਗੇ ਵੱਧ ਰਿਹਾ ਹੈ ਅਤੇ ਸੂਬੇ ਨੂੰ ਵਿਕਾਸ ਦੇ ਮਾਮਲੇ ਵਿੱਚ ਨੰਬਰ ਵਨ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਰੱਖੜ ਪੁੰਨਿਆ ਦੇ ਮੌਕੇ ਪੰਜਾਬੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਪਵਿੱਤਰ ਤਿਉਹਾਰ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰੇ।