ਲੋਕਾਂ ਦਾ ਪਿਆਰ ਤੇ ਵਿਸ਼ਵਾਸ ਹੀ ਮੇਰੀ ਸਭ ਤੋਂ ਵੱਡੀ ਤਾਕਤ: CM ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਵਿਸ਼ਵਾਸ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਸੱਤਾ ਜਾਂ ਕੁਰਸੀ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਸੂਬੇ ਦੇ ਵਿਕਾਸ ਲਈ ਕੰਮ ਕਰਨਾ ਹੈ

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਸਾਂਝੀ ਕੀਤੀ ਇੱਕ ਪੋਸਟ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਹੋਏ ਬਦਲਾਅ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ NEET ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਮੁਤਾਬਕ ਸਾਲ 2021 ਵਿੱਚ ਸਰਕਾਰੀ ਸਕੂਲਾਂ ਦੇ 80 ਤੋਂ ਵੱਧ ਵਿਦਿਆਰਥੀਆਂ ਨੇ NEET ਪਾਸ ਕੀਤਾ ਸੀ, ਜਦਕਿ ਹੁਣ ਇਹ ਗਿਣਤੀ ਵੱਧ ਕੇ 882 ਹੋ ਗਈ ਹੈ

ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੇ ਦਾਅਵੇ ਅਨੁਸਾਰ ਪੰਜਾਬ ਦੇ ਲਗਭਗ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ

ਸਿਹਤ ਸਹੂਲਤਾਂ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ 42 ਲੱਖ ਪਰਿਵਾਰਾਂ ਦੇ CM ਸਿਹਤ ਯੋਜਨਾ ਕਾਰਡ ਬਣਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਬਿਹਤਰ ਅਤੇ ਆਸਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ

ਇਸ ਤੋਂ ਇਲਾਵਾ ਬੜਮਾਜਰਾ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਅੱਜ ₹50 ਲੱਖ ਦਾ ਚੈੱਕ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਪਹਿਲਾਂ ਹੀ ਕਰੀਬ ₹1.5 ਕਰੋੜ ਦੇ ਵਿਕਾਸ ਕਾਰਜ ਚੱਲ ਰਹੇ ਹਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਕਾਸ ਕਾਰਜਾਂ ’ਤੇ ਖਰਚ ਕੀਤਾ ਜਾ ਰਿਹਾ ਪੈਸਾ ਲੋਕਾਂ ਵੱਲੋਂ ਦਿੱਤੇ ਟੈਕਸ ਦਾ ਪੈਸਾ ਹੈ ਅਤੇ ਇਹ ਪੈਸਾ ਲੋਕਾਂ ਦੀ ਭਲਾਈ ਲਈ ਹੀ ਵਰਤਿਆ ਜਾ ਰਿਹਾ ਹੈ

ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਦਾ ਕੇਂਦਰ ਲੋਕ ਹਨ ਅਤੇ ਉਨ੍ਹਾਂ ਦੀ ਸਰਕਾਰ ਸਿਆਸੀ ਕੁਰਸੀ ਦੀ ਬਜਾਏ ਲੋਕਾਂ ਦੇ ਮੁੱਦਿਆਂ ਅਤੇ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦੇ ਰਹੀ ਹੈ