ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਜ਼ਿਲ੍ਹੇ ਦੇ ਪਿੰਡ ਬੜਮਾਜਰਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਸਿੱਧਾ ਸੰਵਾਦ ਰਚਾਇਆ। ਇਸ ਮੌਕੇ ਉਨ੍ਹਾਂ ਪਿੰਡ ਦੇ ਵਿਕਾਸ ਲਈ 50 ਲੱਖ ਰੁਪਏ ਦਾ ਚੈੱਕ ਭੇਟ ਕੀਤਾ, ਜਦਕਿ ਪਿੰਡ ਵਿੱਚ ਪਹਿਲਾਂ ਹੀ ਲਗਭਗ 1.5 ਕਰੋੜ ਰੁਪਏ ਦੇ ਵਿਕਾਸ ਕਾਰਜ ਜਾਰੀ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇਤਿਹਾਸਕ ਬਦਲਾਅ ਆਇਆ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਨੀਟ (NEET) ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਸਾਲ 2021 ਦੇ 80 ਤੋਂ ਵਧ ਕੇ 882 ਤੱਕ ਪਹੁੰਚ ਗਈ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਦੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 42 ਲੱਖ ਪਰਿਵਾਰਾਂ ਦੇ ‘ਮੁੱਖ ਮੰਤਰੀ ਸਿਹਤ ਯੋਜਨਾ ਕਾਰਡ’ ਬਣਾਏ ਜਾ ਚੁੱਕੇ ਹਨ।
ਸੋਸ਼ਲ ਮੀਡੀਆ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਅਸਲ ਤਾਕਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰਾਂ ਸਿਰਫ਼ ਕੁਰਸੀਆਂ ਲਈ ਨਹੀਂ, ਸਗੋਂ ਲੋਕਾਂ ਦੀ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਸਰਵਪੱਖੀ ਵਿਕਾਸ ਲਈ ਹੁੰਦੀਆਂ ਹਨ ਅਤੇ ਲੋਕਾਂ ਦਾ ਟੈਕਸ ਦਾ ਪੈਸਾ ਮੁੜ ਉਨ੍ਹਾਂ ਦੀ ਭਲਾਈ ਉੱਤੇ ਹੀ ਖ਼ਰਚ ਕੀਤਾ ਜਾ ਰਿਹਾ ਹੈ।
