ਸਰਕੁਲਰ ਰੋਡ ‘ਤੇ ਵਾਪਰਿਆ ਭਿਆਨਕ ਹਾਦਸਾ, ਇਲਾਜ ਦੌਰਾਨ ਐਕਟਿਵਾ ਸਵਾਰ ਦੀ ਮੌਤ

ਸਰਕੁਲਰ ਰੋਡ ‘ਤੇ ਐਕਟਿਵਾ ਅਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਐਕਟਿਵਾ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਦਿੰਦਿਆਂ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਬਿੱਟਾ ਵਾਸੀ ਬ੍ਰਾਹਮਣਾ ਵਾਲਾ ਵਜੋਂ ਹੋਈ ਹੈ। ਉਹ ਆਪਣੀ ਐਕਟਿਵਾ ‘ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦੋਂ ਰਸਤੇ ਵਿੱਚ ਉਸਦੀ ਵਾਹਨ ਨਾਲ ਟੱਕਰ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਉਸਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਵੱਲੋਂ ਉਸਨੂੰ ਬਚਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ ਗਈ ਪਰ ਉਹ ਜ਼ਖ਼ਮਾਂ ਦੀ ਤਾਪ ਨਾ ਝੱਲਦਿਆਂ ਹੋਇਆ ਦਮ ਤੋੜ ਗਿਆ।

ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਹੈ। ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਉਪਰੰਤ ਕਾਨੂੰਨ ਮੁਤਾਬਕ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।