ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਉਤਰਾਖੰਡ ਦੇ ਹਲਦਵਾਨੀ ਵਿੱਚ ਪੁਲਿਸ ਕੋਲ ਇੱਕ ਰਸਮੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਹਲਦਵਾਨੀ ਦੇ ਜਵਾਹਰ ਨਗਰ ਦੇ ਰਹਿਣ ਵਾਲੇ ਅਤੇ ਵਾਲਮੀਕਿ ਭਾਈਚਾਰੇ ਨਾਲ ਸਬੰਧਿਤ ਅਮਿਤ ਕੁਮਾਰ ਵੱਲੋਂ ਦਰਜ ਕਰਵਾਈ ਗਈ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਰਾਹੁਲ ਗਾਂਧੀ ਨੇ ਦਿੱਲੀ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਹਲਦਵਾਨੀ ਦੀ ਇੱਕ ਧਾਰਮਿਕ ਰਸਮ ਨੂੰ ਲੈ ਕੇ ਗਲਤ ਟਿੱਪਣੀਆਂ ਕੀਤੀਆਂ ਹਨ।
ਬੀਤੇ 11 ਅਗਸਤ ਨੂੰ ਹਲਦਵਾਨੀ ਦੇ ਰਾਮਲੀਲ੍ਹਾ ਮੈਦਾਨ ਵਿੱਚ ਕਾਂਗਰਸ ਪ੍ਰਧਾਨ ਦੇ ਪ੍ਰੋਗਰਾਮ ਵਾਲੀ ਥਾਂ ‘ਤੇ ਇੱਕ ਧਾਰਮਿਕ ਰਸਮ ਅਤੇ ਸਫ਼ਾਈ ਮੁਹਿੰਮ ਚਲਾਈ ਗਈ ਸੀ, ਜਿਸ ਨੂੰ ਬਾਅਦ ਵਿੱਚ ਕੁਝ ਧਿਰਾਂ ਵੱਲੋਂ ‘ਸ਼ੁੱਧੀਕਰਨ ਯੱਗ’ ਕਿਹਾ ਗਿਆ। ਸ਼ਿਕਾਇਤਕਰਤਾ ਅਮਿਤ ਕੁਮਾਰ, ਜੋ ਕਿ ਸ੍ਰੀ ਰਾਮ ਸੈਨਾ ਧਰਮਾਰਥ ਸੇਵਾ ਨਿਆਸ ਦੇ ਮੈਂਬਰ ਵੀ ਹਨ, ਨੇ ਕਿਹਾ ਕਿ ਉਹ ਉਸ ਸਮਾਗਮ ਵਿੱਚ ਮੌਜੂਦ ਸਨ ਜਿਸ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਿਲ ਹੋਏ ਸਨ।
ਉਨ੍ਹਾਂ ਦਾ ਦੋਸ਼ ਹੈ ਕਿ 29 ਅਗਸਤ ਨੂੰ ਦਿੱਲੀ ਵਿੱਚ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਰਾਹੁਲ ਗਾਂਧੀ ਵੱਲੋਂ ਇਸ ਰਸਮ ਨੂੰ ਜਾਤੀਵਾਦ ਦਾ ਰੰਗ ਦੇ ਕੇ ਪੇਸ਼ ਕੀਤਾ ਗਿਆ, ਜਿਸ ਨਾਲ ਵਾਲਮੀਕਿ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਹਲਦਵਾਨੀ ਥਾਣੇ ਦੇ ਮੁਖੀ ਵਿਜੇ ਮਹਿਤਾ ਨੇ ਪੁਸ਼ਟੀ ਕੀਤੀ ਹੈ ਕਿ ਪੁਲਿਸ ਨੂੰ ਸ਼ਿਕਾਇਤ ਮਿਲ ਚੁੱਕੀ ਹੈ ਪਰ ਫਿਲਹਾਲ ਕੋਈ ਐੱਫ਼.ਆਈ.ਆਰ. (FIR) ਦਰਜ ਨਹੀਂ ਕੀਤੀ ਗਈ। ਸ਼ਿਕਾਇਤਕਰਤਾ ਨੇ ਪ੍ਰੈੱਸ ਕਾਨਫਰੰਸ ਦੀ ਵੀਡੀਓ, ਸੋਸ਼ਲ ਮੀਡੀਆ ਪੋਸਟਾਂ ਅਤੇ ਪ੍ਰੋਗਰਾਮ ਦੀਆਂ ਤਸਵੀਰਾਂ ਦੇ ਆਧਾਰ ‘ਤੇ ਐੱਸ.ਸੀ./ਐੱਸ.ਟੀ. ਐਕਟ ਤਹਿਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
