ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨਾ ਸਰਕਾਰ ਦੀ ਮੁੱਖ ਤਰਜੀਹ- ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਸੁਣਦਿਆਂ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਦੇ ਤੁਰੰਤ ਹੱਲ ਲਈ ਨਿਰਦੇਸ਼ ਜਾਰੀ ਕੀਤੇ।

ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਜਾਇਜ਼ ਮੰਗਾਂ ਦੇ ਹੱਲ ਸਬੰਧੀ ਤਜਵੀਜ਼ਾਂ ਤੁਰੰਤ ਕੈਬਨਿਟ ਸਬ-ਕਮੇਟੀ ਨੂੰ ਭੇਜੀਆਂ ਜਾਣ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਹਦਾਇਤ ਕੀਤੀ ਕਿ ਵਿੱਤੀ ਮਾਮਲਿਆਂ ਨਾਲ ਜੁੜੀਆਂ ਤਜਵੀਜ਼ਾਂ ਨੂੰ ਪਹਿਲ ਦੇ ਆਧਾਰ ‘ਤੇ ਵਿੱਤ ਵਿਭਾਗ ਕੋਲ ਭੇਜਿਆ ਜਾਵੇ ਤਾਂ ਜੋ ਲੋੜੀਂਦੀ ਕਾਰਵਾਈ ਬਿਨਾਂ ਕਿਸੇ ਦੇਰੀ ਦੇ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁੱਖ ਤਰਜੀਹ ਹੈ।

ਇਨ੍ਹਾਂ ਮੀਟਿੰਗਾਂ ਵਿੱਚ ਜਿਨ੍ਹਾਂ ਪ੍ਰਮੁੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ, ਉਨ੍ਹਾਂ ਵਿੱਚ ਮੁੱਖ ਤੌਰ ‘ਤੇ ਹੇਠ ਲਿਖੀਆਂ ਜਥੇਬੰਦੀਆਂ ਸ਼ਾਮਲ ਸਨ:

  • ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ
  • ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ (ਰਜਿ. ਨੰ. 26)
  • ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ
  • ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ
  • ਸਾਂਝਾ ਦਿਵਿਆਂਗ ਮੋਰਚਾ ਅਤੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ
  • ਸਾਂਝਾ ਫਰੰਟ ਸੀ.ਐਚ.ਓ. ਪੰਜਾਬ ਅਤੇ ਕਮਿਊਨਿਟੀ ਹੈਲਥ ਆਫੀਸਰਜ਼ ਐਸੋਸੀਏਸ਼ਨ
  • 180 ਈ.ਟੀ.ਟੀ. ਟੈਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ)