ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਅਤੇ ਲੋਕ ਹਿੱਤ ਨਾਲ ਜੁੜੇ ਕਈ ਅਹਿਮ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਇਨ੍ਹਾਂ ਫੈਸਲਿਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ-ਨਾਲ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ
ਝੋਨੇ ਦੇ ਸੀਜ਼ਨ ਲਈ ਤਿੰਨ ਅਹਿਮ ਨੀਤੀਆਂ ਨੂੰ ਮਨਜ਼ੂਰੀ
ਆਗਾਮੀ ਝੋਨੇ ਦੇ ਸੀਜ਼ਨ 2026-27 ਦੌਰਾਨ ਕਿਸਾਨਾਂ ਨੂੰ ਫਸਲ ਦੀ ਖਰੀਦ ਅਤੇ ਚੁਕਾਈ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਕੈਬਨਿਟ ਵੱਲੋਂ ਕਸਟਮ ਮਿਲਿੰਗ ਪਾਲਿਸੀ, ਟਰਾਂਸਪੋਰਟੇਸ਼ਨ ਪਾਲਿਸੀ ਅਤੇ ਲੇਬਰ ਤੇ ਕਾਰਟੇਜ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਹੈ
ਸਰਕਾਰ ਦਾ ਕਹਿਣਾ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਨਾਲ-ਨਾਲ ਸਮੇਂ ਸਿਰ ਚੁਕਾਈ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਅਤੇ ਮੰਡੀਆਂ ਵਿੱਚੋਂ ਚੁਕਵਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ
ਸਿਹਤ ਵਿਭਾਗ ਨੂੰ ਲੈ ਕੇ ਵੀ ਵੱਡਾ ਫੈਸਲਾ
ਕੈਬਨਿਟ ਮੀਟਿੰਗ ਵਿੱਚ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਕਈ ਫੈਸਲੇ ਲਏ ਗਏ। ਚਮਕੌਰ ਸਾਹਿਬ, ਮਾਲੇਰਕੋਟਲਾ ਅਤੇ ਧੂਰੀ ਦੇ ਹਸਪਤਾਲਾਂ ਲਈ ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ ਬਹਾਲੀ ਨੂੰ ਮਨਜ਼ੂਰੀ ਦਿੱਤੀ ਗਈ ਹੈ
ਇਸ ਤੋਂ ਇਲਾਵਾ 80 ਮੈਡੀਕਲ ਅਫ਼ਸਰ (ਡੈਂਟਲ) ਦੀਆਂ ਖਾਲੀ ਅਸਾਮੀਆਂ ਭਰਨ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ। ਸਰਕਾਰ ਮੁਤਾਬਕ ਇਸ ਕਦਮ ਨਾਲ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹੋਰ ਬਿਹਤਰ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਮਿਲਣਗੀਆਂ
PPSC ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ
ਕੈਬਨਿਟ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੇ ਸੇਵਾ ਨਿਯਮਾਂ ਵਿੱਚ ਅਹਿਮ ਸੋਧਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਸੋਧਾਂ ਨਾਲ ਕਮਿਸ਼ਨ ਦੇ ਕੰਮਕਾਜ ਨਾਲ ਸਬੰਧਤ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ
ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਫੈਸਲਿਆਂ ਨੂੰ ਪੰਜਾਬ ਦੇ ਵਿਕਾਸ ਨਾਲ ਜੋੜਦਿਆਂ ਕਿਹਾ ਕਿ ‘ਰੰਗਲਾ ਪੰਜਾਬ’ ਬਣਾਉਣ ਵੱਲ ਸਰਕਾਰ ਦੇ ਕਦਮ ਲਗਾਤਾਰ ਜਾਰੀ ਹਨ
