ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅੱਜ ਨਵਾਂ ਚੀਫ਼ ਜਸਟਿਸ ਮਿਲ ਗਿਆ ਹੈ। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਦਿਵਾਈ
ਸਮਾਗਮ ਵਿੱਚ ਹਰਿਆਣਾ ਦੇ ਰਾਜਪਾਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਕਈ ਪਤਵੰਤੇ ਹਾਜ਼ਰ ਰਹੇ।
ਪੰਜਾਬ ਸਰਕਾਰ ਵੱਲੋਂ ਨਿਯੁਕਤੀ ’ਤੇ ਪਹਿਲਾਂ ਹੀ ਜਤਾਇਆ ਗਿਆ ਸੀ ਇਤਰਾਜ਼
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸਵਾਲ ਚੁੱਕੇ ਗਏ ਸਨ। ਪੰਜਾਬ ਸਰਕਾਰ ਦਾ ਇਤਰਾਜ਼ ਸੀ ਕਿ ਚੀਫ਼ ਜਸਟਿਸ ਦੀ ਨਿਯੁਕਤੀ ਦੇ ਮਾਮਲੇ ਵਿੱਚ ਸੂਬਾ ਸਰਕਾਰ ਦੀ ਸਹਿਮਤੀ ਜਾਂ ਰਾਏ ਨਹੀਂ ਲਈ ਗਈ।
ਇਸ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਬੀਤੇ ਦਿਨ ਐਮਰਜੈਂਸੀ ਕੈਬਨਿਟ ਮੀਟਿੰਗ ਵੀ ਸੱਦੀ ਸੀ। ਮੀਟਿੰਗ ਦੌਰਾਨ ਨਿਯੁਕਤੀ ਦੀ ਪ੍ਰਕਿਰਿਆ ’ਤੇ ਇਤਰਾਜ਼ ਦਰਜ ਕਰਵਾਉਂਦਿਆਂ ਇੱਕ ਮਤਾ ਪਾਸ ਕੀਤਾ ਗਿਆ ਸੀ।
ਸਹੁੰ ਚੁੱਕ ਸਮਾਗਮ ਤੋਂ CM ਭਗਵੰਤ ਮਾਨ ਰਹੇ ਦੂਰ
ਇਸੇ ਵਿਵਾਦ ਦੇ ਵਿਚਕਾਰ ਅੱਜ ਹੋਏ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ-ਹਾਜ਼ਰੀ ਵੀ ਚਰਚਾ ਦਾ ਵਿਸ਼ਾ ਬਣੀ ਰਹੀ। ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪ੍ਰਕਿਰਿਆ ’ਤੇ ਇਤਰਾਜ਼ ਜਤਾਏ ਜਾਣ ਤੋਂ ਇੱਕ ਦਿਨ ਬਾਅਦ ਮੁੱਖ ਮੰਤਰੀ ਦਾ ਸਮਾਗਮ ਤੋਂ ਦੂਰ ਰਹਿਣਾ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਦਾ ਕੇਂਦਰ ਬਣ ਗਿਆ ਹੈ।
ਹੁਣ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੇ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ’ਤੇ ਅਗਲਾ ਰੁਖ਼ ਕੀ ਅਪਣਾਇਆ ਜਾਂਦਾ ਹੈ, ਇਸ ’ਤੇ ਸਾਰਿਆਂ ਦੀ ਨਜ਼ਰ ਰਹੇਗੀ

