ਅੱਜ 4 ਵਜੇ ਤੱਕ NH-44 ਨੂੰ ਵੀ ਜਾਮ ਕਰਨ ਦਾ ਐਲਾਨ ਕੀਤਾ ਗਿਆ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਦੇ ਅਪਮਾਨ ਖ਼ਿਲਾਫ਼ ਅੱਜ ਲੁਧਿਆਣਾ ਪੂਰੀ ਤਰ੍ਹਾਂ ਬੰਦ ਰੱਖਿਆ ਜਾ ਰਿਹਾ ਹੈ। ਬੀਤੇ ਦਿਨੀਂ 5 ਸਤੰਬਰ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੂਰਤੀ ‘ਤੇ ਇਤਰਾਜ਼ਯੋਗ ਚੀਜ਼ ਪਾ ਦਿੱਤੀ ਗਈ ਸੀ, ਜਿਸ ਦਾ ਪਤਾ ਲੱਗਣ ਤੋਂ ਬਾਅਦ ਇਲਾਕੇ ਵਿੱਚ ਤਣਾਅ ਅਤੇ ਰੋਹ ਫੈਲ ਗਿਆ।

ਲਗਾਤਾਰ ਤਿੰਨ ਦਿਨਾਂ ਦੇ ਵਿਰੋਧ ਪ੍ਰਦਰਸ਼ਨਾਂ ਅਤੇ ਵਧਦੇ ਦਬਾਅ ਮਗਰੋਂ ਪੁਲਸ ਨੇ ਮੰਗਲਵਾਰ ਰਾਤ ਨੂੰ ਮਾਮਲੇ ਵਿੱਚ ਮੁੜ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਪ੍ਰਦਰਸ਼ਨਕਾਰੀਆਂ ਅਤੇ ਐਸਸੀ ਸਮਾਜ ਦੇ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਸਮਾਜ ਦੀਆਂ ਮੁੱਖ ਮੰਗਾਂ ਵਿੱਚ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਅਤੇ ਮੂਰਤੀ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ।

ਐਸਸੀ ਸਮਾਜ ਦੇ ਲੋਕਾਂ ਵੱਲੋਂ ਜਲੰਧਰ ਬਾਈਪਾਸ ਚੌਕ ਅਤੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਚੱਕਾ ਜਾਮ ਕੀਤਾ ਗਿਆ ਹੈ। ਇਸ ਦੌਰਾਨ NH-44 ਨੂੰ ਵੀ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਅੰਮ੍ਰਿਤਸਰ ਤੋਂ ਪਾਣੀਪਤ ਅਤੇ ਦਿੱਲੀ ਤੱਕ ਜਾਣ ਵਾਲੇ ਮੁਸਾਫ਼ਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਬੰਦ ਅਤੇ ਪ੍ਰਦਰਸ਼ਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਸ਼ਹਿਰ ਦੇ ਬਾਜ਼ਾਰ, ਦੁਕਾਨਾਂ ਅਤੇ ਨਿੱਜੀ ਅਦਾਰੇ ਬੰਦ ਰਹਿਣਗੇ, ਜਿਸ ਕਾਰਨ ਆਮ ਕਾਰੋਬਾਰ ਅਤੇ ਖਰੀਦਦਾਰੀ ਪ੍ਰਭਾਵਿਤ ਹੋਵੇਗੀ। ਹਾਈਵੇਅ ਜਾਮ ਹੋਣ ਕਾਰਨ ਸਕੂਲੀ ਬੱਸਾਂ, ਐਂਬੂਲੈਂਸਾਂ ਅਤੇ ਹੋਰ ਜ਼ਰੂਰੀ ਵਾਹਨਾਂ ਦੀ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੀ ਹੈ।

ਬੰਦ ਦੀ ਅਗਵਾਈ ਕਰ ਰਹੇ ਦਲਿਤ ਆਗੂ ਅਤੇ ਭਾਜਪਾ ਦੇ ਸਾਬਕਾ ਕੌਂਸਲਰ ਚੌਧਰੀ ਯਸ਼ਪਾਲ ਨੇ ਦਕਾਨਦਾਰਾਂ ਅਤੇ ਉਦਯੋਗਪਤੀਆਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ, ਨਾਲ ਹੀ ਨੌਜਵਾਨਾਂ ਨੂੰ ਐਮਰਜੈਂਸੀ ਸੇਵਾਵਾਂ ਵਿੱਚ ਰੁਕਾਵਟ ਨਾ ਪਾਉਣ ਦੀ ਹਦਾਇਤ ਕੀਤੀ ਹੈ।

ਦੂਜੇ ਪਾਸੇ, ਡੀ.ਸੀ.ਪੀ. ਆਲਮ ਵਿਜੇ ਸਿੰਘ ਨੇ ਦੱਸਿਆ ਕਿ ਪੁਲਸ ਟੀਮਾਂ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸਮਾਰਟ ਸਿਟੀ ਪ੍ਰੋਜੈਕਟ ਤਹਿਤ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਦੋਸ਼ੀ ਦੀ ਪਛਾਣ ਕਰਕੇ ਉਸ ਨੂੰ ਜਲਦੀ ਕਾਬੂ ਕੀਤਾ ਜਾ ਸਕੇ। ਸੁਰੱਖਿਆ ਦੇ ਮੱਦੇਨਜ਼ਰ ਪੁਲਸ ਵੱਲੋਂ ਟ੍ਰੈਫਿਕ ਦੇ ਰੂਟ ਵੀ ਡਾਇਵਰਟ ਕੀਤੇ ਗਏ ਹਨ।