ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਖ਼ਾਸ ਉਮੀਦ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਰੂਪਨਗਰ ਅਤੇ ਹੁਸ਼ਿਆਰਪੁਰ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ। ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਚੰਡੀਗੜ੍ਹ ਵਿੱਚ ਵੀ ਅਸਮਾਨ ਸਾਫ਼ ਰਹਿਣ ਦਾ ਅਨੁਮਾਨ ਹੈ।
ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 1.6 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿਖੇ 36 ਡਿਗਰੀ ਸੈਲਸੀਅး ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਮੀਂਹ ਲਿਆਉਣ ਵਾਲੀ ਮਾਨਸੂਨ ਟ੍ਰਫ਼ ਇਸ ਸਮੇਂ ਪੰਜਾਬ ਦੇ ਫਿਰੋਜ਼ਪੁਰ ਵਿੱਚੋਂ ਲੰਘ ਰਹੀ ਹੈ। ਇਸ ਕਾਰਨ ਹਵਾ ਵਿੱਚ ਨਮੀ ਬਣੀ ਹੋਈ ਹੈ, ਪਰ ਕੋਈ ਮਜ਼ਬੂਤ ਸਿਸਟਮ ਨਾ ਹੋਣ ਕਾਰਨ ਭਰਵੀਂ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਹਾਲਾਂਕਿ, 14 ਸਤੰਬਰ ਤੱਕ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਛਿਟਪੁਟ ਮੀਂਹ ਦੇ ਨਾਲ-ਨਾਲ ਗਰਜ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਬਣੀ ਹੋਈ ਹੈ।
