ਇਸ ਜ਼ਿਲ੍ਹੇ ਵਿੱਚ ਨਵੇਂ ਪਾਬੰਦੀ ਹੁਕਮ ਜਾਰੀ, 7 ਨਵੰਬਰ ਤੱਕ ਰਹਿਣਗੇ ਲਾਗੂ

ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ, ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) 2023 ਦੀ ਧਾਰਾ 163 ਤਹਿਤ ਜ਼ਿਲ੍ਹੇ ਵਿੱਚ ਨਵੇਂ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ, ਜੋ ਕਿ 7 ਨਵੰਬਰ 2026 ਤੱਕ ਲਾਗੂ ਰਹਿਣਗੇ। ਪ੍ਰਸ਼ਾਸਨ ਨੇ ਇਨ੍ਹਾਂ ਹੁਕਮਾਂ ਰਾਹੀਂ ਕਈ ਅਹਿਮ ਮੁੱਦਿਆਂ ‘ਤੇ ਸਖ਼ਤੀ ਵਰਤੀ ਹੈ:

  • ਪ੍ਰੈਗਾਬਲਿਨ ਕੈਪਸੂਲ: ਬਿਨ੍ਹਾਂ ਲਾਇਸੈਂਸ, ਤੈਅ ਮਾਤਰਾ ਤੋਂ ਵੱਧ ਸਟਾਕ ਰੱਖਣ, ਵੇਚਣ ਜਾਂ ਡਾਕਟਰ ਦੀ ਪਰਚੀ ਤੋਂ ਬਿਨ੍ਹਾਂ ਇਨ੍ਹਾਂ ਕੈਪਸੂਲਾਂ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
  • ਗਊ ਵੰਸ਼ ਦੀ ਢੋਆ-ਢੁਆਈ: ਗਰਮੀਆਂ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਵਿੱਚ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ‘ਤੇ ਰੋਕ ਰਹੇਗੀ। ਇਸ ਤੋਂ ਇਲਾਵਾ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ।
  • ਨਫ਼ਰਤੀ ਭਾਸ਼ਣ (Hate Speech): ਕਿਸੇ ਵੀ ਜਨਤਕ ਇਕੱਠ, ਧਾਰਮਿਕ ਅਸਥਾਨ ਜਾਂ ਸਮਾਗਮ ਵਿੱਚ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਸਖ਼ਤ ਪਾਬੰਦੀ ਹੈ।
  • ਛੱਪੜ ਪੂਰਨ ‘ਤੇ ਰੋਕ: ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਬੰਧਤ ਉਪ-ਮੰਡਲ ਮੈਜਿਸਟਰੇਟ (SDM) ਦੀ ਲਿਖਤੀ ਮਨਜ਼ੂਰੀ ਤੋਂ ਬਿਨ੍ਹਾਂ ਕੋਈ ਵੀ ਵਿਅਕਤੀ ਜਾਂ ਪੰਚਾਇਤ ਛੱਪੜ ਨਹੀਂ ਪੂਰ ਸਕੇਗੀ।
  • ਨਾਜਾਇਜ਼ ਬੋਰ: ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਗਲੀਆਂ ਅਤੇ ਰਸਤਿਆਂ ‘ਤੇ ਨਾਜਾਇਜ਼ ਬੋਰ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।