ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ‘ਆਪ’ ਦਾ 2027 ਚੋਣਾਂ ਲਈ ਪੈਂਫਲੇਟ, ਕਿਹਾ- ਕੱਲ੍ਹ ਤੋਂ ਘਰ-ਘਰ ਪਹੁੰਚਣਗੇ ਵਲੰਟੀਅਰ

ਲੁਧਿਆਣਾ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀ ਚੋਣੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਪਾਰਟੀ ਦਾ ਚੋਣੀ ਪੈਂਫਲੇਟ ਜਾਰੀ ਕੀਤਾ। ਇਸ ਦੇ ਨਾਲ ਹੀ ‘ਆਪ’ ਵੱਲੋਂ 20 ਸਤੰਬਰ ਤੋਂ ਪੰਜਾਬ ਵਿੱਚ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।

ਪੈਂਫਲੇਟ ਜਾਰੀ ਕਰਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਕਾਜ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪਾਰਟੀ ਇਸ ਵਾਰ ਲੋਕਾਂ ਕੋਲ ਭਵਿੱਖ ਦੇ ਵਾਅਦੇ ਗਿਣਾਉਣ ਦੀ ਬਜਾਏ ਸਰਕਾਰ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦੇਵੇਗੀ।

‘ਕੀ ਕਰਾਂਗੇ’ ਨਹੀਂ, ‘ਕੀ ਕਰ ਦਿੱਤਾ’ ਦੱਸਣ ਜਾਵਾਂਗੇ

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਲੋਕਾਂ ਨੂੰ ਇਹ ਦੱਸਣ ਲਈ ਘਰ-ਘਰ ਜਾਣਗੇ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਿਹੜੇ ਕੰਮ ਕੀਤੇ ਹਨ। ਉਨ੍ਹਾਂ ਦੇ ਸ਼ਬਦਾਂ ਵਿੱਚ, ਪਾਰਟੀ ਲੋਕਾਂ ਨੂੰ ਇਹ ਨਹੀਂ ਦੱਸੇਗੀ ਕਿ ਅੱਗੇ ਕੀ ਕਰਨ ਦੀ ਯੋਜਨਾ ਹੈ, ਸਗੋਂ ਹੁਣ ਤੱਕ ਕੀ ਕੀਤਾ ਗਿਆ ਹੈ, ਇਸ ਬਾਰੇ ਗੱਲ ਕਰੇਗੀ।

ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ। ਇਸੇ ਕੰਮ ਨੂੰ ਲੈ ਕੇ ਪਾਰਟੀ ਹੁਣ ਲੋਕਾਂ ਵਿਚਕਾਰ ਆਪਣਾ ਰਿਪੋਰਟ ਕਾਰਡ ਲੈ ਕੇ ਜਾ ਰਹੀ ਹੈ।

ਸੜਕ ਸੁਰੱਖਿਆ ਫੋਰਸ ਦਾ ਵੀ ਕੀਤਾ ਜ਼ਿਕਰ

ਮੁੱਖ ਮੰਤਰੀ ਨੇ ਪੰਜਾਬ ਵਿੱਚ ਸੜਕ ਹਾਦਸਿਆਂ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਪਹਿਲਾਂ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿੱਚ ਪੰਜਾਬ ਦੀ ਸਥਿਤੀ ਗੰਭੀਰ ਸੀ। ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ (SSF) ਦੀ ਸਥਾਪਨਾ ਕੀਤੀ ਗਈ

ਭਗਵੰਤ ਮਾਨ ਨੇ ਕਿਹਾ ਕਿ SSF ਵੱਲੋਂ ਸੜਕਾਂ ’ਤੇ ਹਾਦਸਿਆਂ ਨੂੰ ਰੋਕਣ ਅਤੇ ਹਾਦਸੇ ਤੋਂ ਬਾਅਦ ਤੁਰੰਤ ਮਦਦ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਕੇਂਦਰੀ ਟਰਾਂਸਪੋਰਟ ਮੰਤਰੀ ਵੱਲੋਂ ਵੀ ਪੰਜਾਬ ਦੀ ਸੜਕ ਸੁਰੱਖਿਆ ਫੋਰਸ ਦੇ ਕੰਮ ਦੀ ਸ਼ਲਾਘਾ ਕੀਤੀ ਜਾਂਦੀ ਹੈ