ਨਮੋਲ ਪਿੰਡ ਨਾਲ ਜੁੜੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ‘X’ ’ਤੇ ਪੋਸਟ ਕਰਦਿਆਂ ਕਿਹਾ ਕਿ ਕਿਸੇ ਮ੍ਰਿਤਕ ਦੇ ਨਾਮ ’ਤੇ ਸਿਆਸਤ ਕਰਨ ਦੀ ਬਜਾਏ ਵਿਰੋਧੀ ਧਿਰ ਨੂੰ ਜ਼ਮੀਨੀ ਹਕੀਕਤ ਸਮਝਣ ਅਤੇ ਪਿੰਡ ਵਾਸੀਆਂ ਦੀ ਗੱਲ ਸੁਣਨ ਦੀ ਲੋੜ ਹੈ।
ਮੰਤਰੀ ਮੁੰਡੀਆਂ ਮੁਤਾਬਕ, ਨਮੋਲ ਪਿੰਡ ਦੇ ਵਸਨੀਕਾਂ ਦਾ ਦਾਅਵਾ ਹੈ ਕਿ ਜਿਸ ਵਿਅਕਤੀ ਨੂੰ ਵਿਰੋਧੀ ਧਿਰ ਵੱਲੋਂ ‘ਵ੍ਹਿਸਲਬਲੋਅਰ’ ਵਜੋਂ ਪੇਸ਼ ਕੀਤਾ ਜਾ ਰਿਹਾ ਹੈ, ਉਸ ਖ਼ਿਲਾਫ਼ ਕਈ FIR ਦਰਜ ਹਨ ਅਤੇ ਉਸ ਦਾ ਨਾਮ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਵੀ ਆਇਆ ਹੈ।
ਉਨ੍ਹਾਂ ਕਿਹਾ ਕਿ ਇਸ ਸਥਿਤੀ ਵਿੱਚ ਵਿਰੋਧੀ ਪਾਰਟੀਆਂ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਕਿਸ ਦੀ ਗੱਲ ’ਤੇ ਖੜ੍ਹੀਆਂ ਹਨ—ਨਸ਼ਾ ਤਸਕਰੀ ਅਤੇ ਨਸ਼ੇ ਨਾਲ ਜੁੜੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਦੇ ਦਾਅਵਿਆਂ ਨਾਲ ਜਾਂ ਨਮੋਲ ਪਿੰਡ ਦੇ ਉਨ੍ਹਾਂ ਲੋਕਾਂ ਨਾਲ, ਜੋ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਏ ਹਨ।
ਮੰਤਰੀ ਨੇ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਸਾਂਝਾ ਮਤਾ ਪਾਸ ਕੀਤਾ ਗਿਆ, ਠੀਕਰੀ ਪਹਿਰੇ ਲਗਾਏ ਗਏ ਅਤੇ ਨਸ਼ਿਆਂ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਦੇ ਯਤਨਾਂ ਨਾਲ ਖੜ੍ਹਨ ਦਾ ਫ਼ੈਸਲਾ ਕੀਤਾ ਗਿਆ।
ਹਰਦੀਪ ਮੁੰਡੀਆਂ ਨੇ ਕਿਹਾ ਕਿ ਸਿਆਸੀ ਬਿਆਨ ਦੇਣ ਤੋਂ ਪਹਿਲਾਂ ਜ਼ਮੀਨੀ ਹਕੀਕਤ ਅਤੇ ਪਿੰਡ ਵਾਸੀਆਂ ਦੀ ਆਵਾਜ਼ ਨੂੰ ਵੀ ਸੁਣਿਆ ਜਾਣਾ ਚਾਹੀਦਾ ਹੈ।
