ਅੰਮ੍ਰਿਤਸਰ ਦੇ ਸਰੂਪ ਰਾਣੀ ਵੂਮੈਨ ਕਾਲਜ ਪਹੁੰਚੇ CM ਭਗਵੰਤ ਮਾਨ

ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਸਥਿਤ ਸਰੂਪ ਰਾਣੀ ਵੂਮੈਨ ਕਾਲਜ ਦਾ ਦੌਰਾ ਕਰਕੇ ਪ੍ਰਿੰਸੀਪਲ ਅਤੇ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਪੜ੍ਹਾਈ, ਸਰਗਰਮੀਆਂ ਅਤੇ ਭਵਿੱਖ ਨਾਲ ਜੁੜੇ ਮੁੱਦਿਆਂ ਬਾਰੇ ਜਾਣਕਾਰੀ ਲਈ।

CM ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਸਾਂਝੀ ਕੀਤੀ ਜਾਣਕਾਰੀ ਵਿੱਚ ਕਿਹਾ ਕਿ ਵਿਦਿਆਰਥਣਾਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਨ੍ਹਾਂ ਦਾ ਆਤਮ-ਵਿਸ਼ਵਾਸ ਦੇਖ ਕੇ ਉਨ੍ਹਾਂ ਨੂੰ ਬਹੁਤ ਚੰਗਾ ਲੱਗਿਆ।

ਮੁਲਾਕਾਤ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਆਡੀਟੋਰੀਅਮ ਨੂੰ ਹੋਰ ਬਿਹਤਰ ਬਣਾਉਣ ਅਤੇ ਯੂਥ ਫੈਸਟੀਵਲ ਦੀਆਂ ਤਿਆਰੀਆਂ ਲਈ ਬੱਸ ਮੁਹੱਈਆ ਕਰਵਾਉਣ ਦੀ ਮੰਗ ਰੱਖੀ ਗਈ। ਮੁੱਖ ਮੰਤਰੀ ਮੁਤਾਬਕ ਉਨ੍ਹਾਂ ਨੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਦੋਵੇਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਵਿਦਿਆਰਥਣਾਂ ਨੂੰ ਹੌਸਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਧੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਸਾਬਤ ਕਰ ਰਹੀਆਂ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਧੀਆਂ ਦੇ ਸੁਨਹਿਰੀ ਭਵਿੱਖ ਲਈ ਹਰ ਕਦਮ ’ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਨੌਜਵਾਨਾਂ ਨੂੰ ਅੱਗੇ ਵਧਣ ਲਈ ਲੋੜੀਂਦੇ ਮੌਕੇ ਦੇਣ ਵੱਲ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ