ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਬਰਨਾਲਾ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਸੌਦਾਗਰ ਸਿੰਘ ਨੂੰ ਖੰਨਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਸੌਦਾਗਰ ਸਿੰਘ, ਜੋ ਕਿ ਫ਼ਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਹੈ, ਪੰਜਾਬੀ ਗਾਇਕ ਸਵਰਗੀ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦਾ ਪਿਤਾ ਹੈ। ਜ਼ਿਕਰਯੋਗ ਹੈ ਕਿ ਸ਼ਗਨਪ੍ਰੀਤ ਪਹਿਲਾਂ ਹੀ ਦੇਸ਼ ਛੱਡ ਕੇ ਵਿਦੇਸ਼ ਭੱਜ ਚੁੱਕਿਆ ਹੈ। ਬਰਨਾਲਾ ਪੁਲਿਸ ਦੀ ਸੀ.ਆਈ.ਏ. (CIA) ਟੀਮ ਨੇ ਫਰਾਰ ਚੱਲ ਰਹੇ ਸੌਦਾਗਰ ਸਿੰਘ ਨੂੰ ਖੰਨਾ ਤੋਂ ਕਾਬੂ ਕੀਤਾ ਹੈ। ਇਸ ਤੋਂ ਪਹਿਲਾਂ ਪੁਲਿਸ ਇਸ ਗੋਲੀਬਾਰੀ ਮਾਮਲੇ ਵਿੱਚ ਨੌਂ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।
ਸੂਤਰਾਂ ਮੁਤਾਬਕ ਗੁਲਾਬ ਸਿੱਧੂ ਗੋਲੀਕਾਂਡ ਵਿੱਚ ਸ਼ਗਨਪ੍ਰੀਤ ਅਤੇ ਉਸ ਦੇ ਪਿਤਾ ਸੌਦਾਗਰ ਸਿੰਘ ਦੋਵਾਂ ਦੇ ਨਾਂ ਸ਼ਾਮਲ ਹਨ। ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਇਸ ਗ੍ਰਿਫ਼ਤਾਰੀ ਸਬੰਧੀ ਕੋਈ ਅਧਿਕਾਰਤ ਅਤੇ ਵਿਸਥਾਰਪੂਰਵਕ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸੂਤਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ।
