ਮੋਗਾ: ਫ਼ਿਰੋਜ਼ਪੁਰ ਵਿਜੀਲੈਂਸ ਬਿਊਰੋ ਨੇ ਮੋਗਾ ਦੇ ਕੋਟ ਈਸੇ ਖਾਂ ਥਾਣੇ ਦੀ ਐਸਐਚਓ ਸੁਨੀਤਾ ਰਾਣੀ ਨੂੰ ਕਥਿਤ ਤੌਰ ’ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਨੂਰਪੁਰ ਹਕੀਮਾ, ਮੋਗਾ ਦੇ ਰਹਿਣ ਵਾਲੇ ਰਾਜਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ।
ਸ਼ਿਕਾਇਤਕਰਤਾ ਮੁਤਾਬਕ ਐਸਐਚਓ ਵੱਲੋਂ ਇੱਕ ਮਾਮਲੇ ਵਿੱਚ ਮਦਦ ਕਰਨ ਦੇ ਬਦਲੇ ਉਸ ਤੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਫ਼ਿਰੋਜ਼ਪੁਰ ਵਿਜੀਲੈਂਸ ਬਿਊਰੋ ਨੇ ਮਾਮਲੇ ਦੀ ਜਾਂਚ ਕਰਦਿਆਂ ਟ੍ਰੈਪ ਲਗਾਇਆ।
ਸ਼ਨੀਵਾਰ ਦੇਰ ਸ਼ਾਮ ਵਿਜੀਲੈਂਸ ਟੀਮ ਨੇ ਕਾਰਵਾਈ ਕਰਦਿਆਂ ਐਸਐਚਓ ਸੁਨੀਤਾ ਰਾਣੀ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਹ ਕਾਰਵਾਈ ਵਿਜੀਲੈਂਸ ਇੰਸਪੈਕਟਰ ਗਗਨਪ੍ਰੀਤ ਕੌਰ ਦੀ ਅਗਵਾਈ ਹੇਠਲੀ ਟੀਮ ਵੱਲੋਂ ਕੀਤੀ ਗਈ। ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

