LPU ਮਾਮਲਾ: ਵਿਦਿਆਰਥੀਆਂ ਦੀਆਂ ਮੰਗਾਂ ਮੰਨ ਲਈਆਂ ਹਨ, ਫਿਰ ਵੀ ਪ੍ਰਦਰਸ਼ਨ ਜਾਰੀ — ਵਾਈਸ ਚਾਂਸਲਰ

ਵਾਈਸ ਚਾਂਸਲਰ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਯੂਨੀਵਰਸਿਟੀ ਨੇ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮੰਗ ਸੀ ਕਿ ਗਰਲਜ਼ ਹੋਸਟਲ ’ਚ ਕਿਸੇ ਵੀ ਮੇਲ ਮਕੈਨਿਕ ਦੀ ਐਂਟਰੀ ਹੋਣ ’ਤੇ ਉਸ ਦੇ ਨਾਲ ਮਹਿਲਾ ਸਟਾਫ ਮੈਂਬਰ ਮੌਜੂਦ ਹੋਵੇ। ਯੂਨੀਵਰਸਿਟੀ ਨੇ ਇਸ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਵਿਦਿਆਰਥੀਆਂ ਦੀ ਮੰਗ ’ਤੇ ਐੱਫਆਈਆਰ ਦਰਜ ਕਰ ਲਈ ਗਈ ਹੈ ਅਤੇ ਹੁਣ ਪੂਰੇ ਮਾਮਲੇ ਦੀ ਜਾਂਚ ਪੁਲਿਸ ਕਰ ਰਹੀ ਹੈ। ਜਾਂਚ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਜਸਪਾਲ ਸੰਧੂ ਨੇ ਕਿਹਾ ਕਿ ਯੂਨੀਵਰਸਿਟੀ ਪੱਧਰ ’ਤੇ ਇਸ ਸਬੰਧੀ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਸੀ। ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਯੂਨੀਵਰਸਿਟੀ ਆਪਣੇ ਪੱਧਰ ’ਤੇ ਵੀ ਉਸ ਦੀ ਜਾਂਚ ਕਰੇਗੀ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮੰਗੇ ਗਏ ਸਾਰੇ ਦਸਤਾਵੇਜ਼ ਅਤੇ ਸੀਸੀਟੀਵੀ ਫੁਟੇਜ ਯੂਨੀਵਰਸਿਟੀ ਨੇ ਜਾਂਚ ਏਜੰਸੀ ਨੂੰ ਮੁਹੱਈਆ ਕਰਵਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਲਈ ਭਵਿੱਖ ’ਚ ਹੋਰ ਕਿਸੇ ਜਾਣਕਾਰੀ ਦੀ ਲੋੜ ਪੈਂਦੀ ਹੈ ਤਾਂ ਯੂਨੀਵਰਸਿਟੀ ਪੁਲਿਸ ਨੂੰ ਪੂਰਾ ਸਹਿਯੋਗ ਦੇਵੇਗੀ।

ਦੱਸਣਯੋਗ ਹੈ ਕਿ LPU ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।