ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਟਕੜ ਕਲਾਂ ਪਹੁੰਚੇ ਡਿਪਟੀ ਸਪੀਕਰ ਰੌੜੀ

ਖਟਕੜ ਕਲਾਂ : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਖਟਕੜ ਕਲਾਂ ਸਥਿਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸਮਾਰਕ ਵਿਖੇ ਜਾ ਕੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ।

ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਉਨ੍ਹਾਂ ਦੀ ਸਰਵਉੱਚ ਕੁਰਬਾਨੀ ਦੇਸ਼ ਦੀ ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦੇ ਕੇ ਰਾਸ਼ਟਰ ਪ੍ਰਤੀ ਸਮਰਪਣ ਅਤੇ ਦੇਸ਼ ਭਗਤੀ ਦੀ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਜੀ ਦੇ ਦੱਸੇ ਮਾਰਗ ’ਤੇ ਚੱਲ ਕੇ ਲੋਕ ਸੇਵਾ ਦਾ ਕਾਰਜ ਕਰ ਰਹੀ ਹੈ।

ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਵਿਚਾਰ ਅੱਜ ਵੀ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਜੀਵਨ ਅਤੇ ਵਿਚਾਰਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਅਸੀਂ ਸਭ ਦਾ ਫਰਜ਼ ਹੈ।

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਉਨ੍ਹਾਂ ਦੀ ਮਹਾਨ ਕੁਰਬਾਨੀ, ਵਿਚਾਰਾਂ ਅਤੇ ਦੇਸ਼ ਪ੍ਰਤੀ ਸਮਰਪਣ ਨੂੰ ਯਾਦ ਕਰਨ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਖਟਕੜ ਕਲਾਂ ਵਰਗੀ ਇਤਿਹਾਸਕ ਧਰਤੀ ਤੋਂ ਸ਼ਹੀਦ-ਏ-ਆਜ਼ਮ ਦੀ ਵਿਰਾਸਤ ਦੇਸ਼ ਵਾਸੀਆਂ, ਖਾਸ ਕਰਕੇ ਨੌਜਵਾਨਾਂ ਨੂੰ ਰਾਸ਼ਟਰ ਹਿੱਤ ਵਿੱਚ ਕੰਮ ਕਰਨ ਦੀ ਪ੍ਰੇਰਨਾ ਦਿੰਦੀ ਹੈ।

ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਤੋਂ ਪ੍ਰੇਰਨਾ ਲੈਂਦਿਆਂ ਸਿੱਖਿਆ, ਸਮਾਜ ਸੇਵਾ ਅਤੇ ਦੇਸ਼ ਦੀ ਤਰੱਕੀ ਵਿੱਚ ਸਕਾਰਾਤਮਕ ਯੋਗਦਾਨ ਪਾਉਣ।