ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਆਪਣਾ ਪੱਖ ਰੱਖਿਆ ਹੈ। ਅਕਾਲੀ ਦਲ ਨੇ ਇਹ ਕਾਰਵਾਈ ਅਨੁਸ਼ਾਸਨਹੀਣਤਾ ਅਤੇ ਪਾਰਟੀ ਅਨੁਸ਼ਾਸਨ ਦੇ ਉਲਟ ਰਵੱਈਏ ਦਾ ਹਵਾਲਾ ਦਿੰਦਿਆਂ ਕੀਤੀ ਹੈ
ਰੂਪ ਕੌਰ ਸੰਧੂ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਦੀ ਘਟਨਾ ਦੇ ਸਬੰਧ ਵਿੱਚ ਉਨ੍ਹਾਂ ਵੱਲੋਂ ਮੀਡੀਆ ਸਾਹਮਣੇ ਆ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਵਾਂ ਵਿੱਚ ਵਾਪਰੀ ਘਟਨਾ ਦਾ ਖੁਲਾਸਾ ਕੀਤਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਤੋਂ ਬਾਅਦ ਕਈ ਪੀੜਤ ਔਰਤਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਆਪਣੇ ਨਾਲ ਵਾਪਰੀਆਂ ਘਟਨਾਵਾਂ ਸਾਂਝੀਆਂ ਕੀਤੀਆਂ
ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਮਾਮਲੇ ਪੰਥਕ ਅਤੇ ਰਾਜਨੀਤਿਕ ਖੇਤਰ ਨਾਲ ਜੁੜੇ ਵਿਅਕਤੀਆਂ ਨਾਲ ਸਬੰਧਤ ਹੋਣ ਦਾ ਦਾਅਵਾ ਕੀਤਾ ਗਿਆ ਹੈ। ਰੂਪ ਕੌਰ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਉਹ ਫਿਲਹਾਲ ਸਾਰੇ ਨਾਂ ਜਨਤਕ ਨਹੀਂ ਕਰ ਰਹੀ, ਪਰ ਮਾਮਲੇ ਦੀ ਸੱਚਾਈ ਸਾਹਮਣੇ ਆਉਣੀ ਜ਼ਰੂਰੀ ਹੈ। ਉਨ੍ਹਾਂ ਪਹਿਲਾਂ ਵੀ ਕਿਹਾ ਸੀ ਕਿ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਹ ਆਉਣ ਵਾਲੇ ਦਿਨਾਂ ਵਿੱਚ ਕਥਿਤ ਸਬੂਤਾਂ ਸਮੇਤ ਜਾਣਕਾਰੀ ਸਾਹਮਣੇ ਰੱਖੇਗੀ
ਰੂਪ ਕੌਰ ਸੰਧੂ ਨੇ ਆਪਣੀ ਤਾਜ਼ਾ FB ਪੋਸਟ ਵਿੱਚ ਕਿਹਾ ਕਿ ਉਹ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਅੱਗੇ ਸਬੂਤ ਪੇਸ਼ ਕਰਕੇ ਬਣਦੀ ਕਾਰਵਾਈ ਦੀ ਮੰਗ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੰਥਕ ਸੰਸਥਾਵਾਂ ਵਿੱਚੋਂ ਕਿਸੇ ਵਿਅਕਤੀ ਦਾ ਸਬੰਧ ਅਜਿਹੇ ਮਾਮਲਿਆਂ ਨਾਲ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਜਾਂਚ ਹੋਣੀ ਚਾਹੀਦੀ ਹੈ
ਰੂਪ ਕੌਰ ਸੰਧੂ ਨੇ ਆਪਣੀ ਪੋਸਟ ਦੇ ਅੰਤ ਵਿੱਚ ਕਿਹਾ ਕਿ ਉਨ੍ਹਾਂ ਦਾ ਮਕਸਦ ਸਿੱਖ ਹੋਣ ਦੇ ਨਾਤੇ ਸਿੱਖੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਨੁਕਸਾਨ ਕਰਨਾ ਨਹੀਂ, ਸਗੋਂ ਪੰਥਕ ਸੰਸਥਾਵਾਂ ਦੀ ਪਵਿੱਤਰਤਾ ਨੂੰ ਬਚਾਉਣਾ ਹੈ।
ਇਸ ਦੌਰਾਨ, ਅਕਾਲੀ ਦਲ ਵੱਲੋਂ ਕਿਹਾ ਗਿਆ ਹੈ ਕਿ ਰੂਪ ਕੌਰ ਸੰਧੂ ਖ਼ਿਲਾਫ਼ ਲਗਾਤਾਰ ਅਨੁਸ਼ਾਸਨਹੀਣਤਾ ਅਤੇ ਬਦਸਲੂਕੀ ਦੇ ਮਾਮਲਿਆਂ ਨੂੰ ਦੇਖਦਿਆਂ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ

