ਚੰਡੀਗੜ੍ਹ: ਨਾਨਕਸਰ ਸੰਪ੍ਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦੀ ਸ਼ਲਾਘਾ ਕੀਤੀ ਗਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਲੱਖਾ ਸਿੰਘ ਜੀ ਨੇ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਂਟ ਕਰਕੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। CM ਮਾਨ ਨੇ ਇਸ ਲਈ ਬਾਬਾ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ
CM ਮਾਨ ਨੇ ਕਿਹਾ ਕਿ ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੂਰਨ ਮਾਣ-ਸਤਿਕਾਰ ਅਤੇ ਮਰਿਆਦਾ ਕਾਇਮ ਰੱਖਣਾ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਮੁਤਾਬਕ ਸਰਕਾਰ ਗੁਰੂਆਂ ਅਤੇ ਪੀਰਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸੂਬੇ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਵਚਨਬੱਧ ਹੈ
ਜ਼ਿਕਰਯੋਗ ਹੈ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਐਕਟ ਦੀਆਂ ਕੁਝ ਵਿਵਸਥਾਵਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਢਾਂਚੇ ਨੂੰ ਪ੍ਰਭਾਵਸ਼ਾਲੀ ਬਣਾਉਣਾ ਸਰਕਾਰ ਦੀ ਤਰਜੀਹ ਹੈ
