ਪੰਜਾਬ ਨਸ਼ਾ ਮੁਕਤ ਬਣਾਉਣਾ ਤਾਂ BJP ਨੂੰ ਵੋਟ ਦਿਓ : ਅਮਿਤ ਸ਼ਾਹ ਦਾ ਵੱਡਾ ਬਿਆਨ

ਜਲੰਧਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਜਲੰਧਰ ਦੇ ਪਰਾਗਪੁਰ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ‘ਚਿੱਟਾ’ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਦਾਅਵਾ ਕੀਤਾ

ਅਮਿਤ ਸ਼ਾਹ ਨੇ ਪੰਜਾਬ ਦੀਆਂ ਮਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 31 ਦਸੰਬਰ 2029 ਤੱਕ ਪੰਜਾਬ ਵਿੱਚ ਨੌਜਵਾਨਾਂ ਨੂੰ ‘ਚਿੱਟਾ’ ਸਪਲਾਈ ਕਰਨ ਵਾਲਾ ਕੋਈ ਨਹੀਂ ਬਚੇਗਾ। ਉਨ੍ਹਾਂ ਇਸਨੂੰ ਭਾਜਪਾ ਦਾ ਵਾਅਦਾ ਦੱਸਿਆ।

ਸ਼ਾਹ ਨੇ ਕਿਹਾ ਕਿ ‘ਚਿੱਟਾ’ ਵੇਚਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨਾ ਜ਼ਰੂਰੀ ਹੈ।

ਕੇਂਦਰੀ ਗ੍ਰਹਿ ਮੰਤਰੀ ਨੇ ਸੂਬਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਲੰਧਰ ਦੇ ਲੋਕ ਇਹ ਸਵਾਲ ਕਰ ਸਕਦੇ ਹਨ ਕਿ ਪੰਜਾਬ ਵਿੱਚ ‘ਚਿੱਟੇ’ ’ਤੇ ਰੋਕ ਕਿਉਂ ਨਹੀਂ ਲੱਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚੋਂ ਮੌਜੂਦਾ ਸਰਕਾਰ ਨੂੰ ਹਟਾਇਆ ਜਾਂਦਾ ਹੈ ਤਾਂ ਭਾਜਪਾ ‘ਚਿੱਟੇ’ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਕੰਮ ਕਰੇਗੀ।

ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ, ਜਦੋਂ ਤੱਕ ਸੂਬੇ ਦੇ ਨੌਜਵਾਨ ਨਸ਼ਿਆਂ ਤੋਂ ਮੁਕਤ ਨਹੀਂ ਹੁੰਦੇ। ਇਸਦੇ ਨਾਲ ਹੀ ਉਨ੍ਹਾਂ ਨੇ ਨਸ਼ਾ ਮੁਕਤ ਪੰਜਾਬ ਨੂੰ ਭਾਜਪਾ ਦੇ ਚੋਣੀ ਏਜੰਡੇ ਦਾ ਅਹਿਮ ਹਿੱਸਾ ਬਣਾਉਣ ਦੇ ਸੰਕੇਤ ਦਿੱਤੇ।

ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਲੰਬੇ ਸਮੇਂ ਤੋਂ ਸਿਆਸੀ ਬਹਿਸ ਦਾ ਕੇਂਦਰ ਰਿਹਾ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਇਸ ਮੁੱਦੇ ’ਤੇ ਆਪਣੇ ਏਜੰਡੇ ਅਤੇ ਨੀਤੀਆਂ ਪੇਸ਼ ਕੀਤੀਆਂ ਜਾ ਰਹੀਆਂ ਹਨ