ਬਲਾਚੌਰ: ਸੰਸਦੀ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਐੱਮ.ਪੀ. ਲੈਡ ਸਕੀਮ ਤਹਿਤ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਮੁਹੱਈਆ ਕਰਵਾਈਆਂ ਗਈਆਂ।
ਇਸ ਤਹਿਤ ਪਿੰਡ ਰੱਤੇਵਾਲ-ਜੱਟਮਾਜਰੀ ਵਿਖੇ ਪਾਣੀ ਦੇ ਟੈਂਕਰ ਦੀ ਵਿਵਸਥਾ ਲਈ 5 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਇਸ ਤੋਂ ਇਲਾਵਾ ਪਿੰਡ ਮੋਹਰਾਂ ਵਿਖੇ ਪਾਣੀ ਦਾ ਟੈਂਕਰ ਅਤੇ ਪਿੰਡ ਗਹੁੰ ਵਿਖੇ ਵੀ ਪਾਣੀ ਦੀ ਸਹੂਲਤ ਲਈ ਟੈਂਕਰ ਮੁਹੱਈਆ ਕਰਵਾਇਆ ਗਿਆ। ਇਸੇ ਤਰ੍ਹਾਂ ਪਿੰਡ ਬੰਨਾਹ ਵਿਖੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਲਈ ਓਪਨ ਜਿੰਮ ਦੀ ਸਹੂਲਤ ਵੀ ਐੱਮ.ਪੀ. ਲੈਡ ਫੰਡ ਵਿੱਚੋਂ ਮੁਹੱਈਆ ਕਰਵਾਈ ਗਈ।
ਇਸ ਮੌਕੇ ਸੰਸਦੀ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਲੋੜਾਂ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ਲਈ ਖੇਡ ਸਹੂਲਤਾਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਐੱਮ.ਪੀ. ਲੈਡ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀ ਮੰਗ ਅਤੇ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਉਣ ਦਾ ਸਿਲਸਿਲਾ ਜਾਰੀ ਰਹੇਗਾ।
ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ, ਅਸ਼ੋਕ ਕਟਾਰੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨ ਕਟਾਰੀਆ, ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਬੀ.ਡੀ.ਪੀ.ਓ. ਵਰਿੰਦਰ ਕੁਮਾਰ ਸਮੇਤ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਹੋਰ ਪਤਵੰਤੇ ਹਾਜ਼ਰ ਸਨ
