ਫਿਲੌਰ: ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਫਿਲੌਰ ਵਿਖੇ ਹੋਈ ਇਸ ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਪੁਲਿਸ ਫੋਰਸ ਨੂੰ ਆਧੁਨਿਕ ਸਹੂਲਤਾਂ ਦੇਣ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਤੇਜ਼ ਕਰਨ ਦੀ ਗੱਲ ਕਹੀ।
CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਮੀਟਿੰਗ ਵਿੱਚ DGP ਤੋਂ ਲੈ ਕੇ SHO ਪੱਧਰ ਤੱਕ ਦੇ ਪੁਲਿਸ ਅਧਿਕਾਰੀ ਸ਼ਾਮਲ ਹੋਏ। ਉਨ੍ਹਾਂ ਮੁਤਾਬਕ, ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਖੁੱਲ੍ਹ ਦਿੱਤੀ ਗਈ ਹੈ।
ਪੰਜਾਬ ਪੁਲਿਸ ਵਿੱਚ ਹੋਣਗੀਆਂ 10,000 ਨਵੀਆਂ ਭਰਤੀਆਂ
ਮੁੱਖ ਮੰਤਰੀ ਨੇ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਲਈ 10,000 ਨਵੀਆਂ ਭਰਤੀਆਂ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਹ ਭਰਤੀਆਂ ਬਿਨਾਂ ਕਿਸੇ ਸਿਫ਼ਾਰਸ਼ ਦੇ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮਾਂ ਨੂੰ ਅਤਿ-ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੀ ਗੱਲ ਵੀ ਕਹੀ ਗਈ।
ਨਸ਼ਾ-ਮੁਕਤ ਪੰਜਾਬ ਬਣਾਉਣ ਦਾ ਸੰਕਲਪ
CM ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੇਗੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਕਿਸੇ ਵੀ ਮਾਂ ਜਾਂ ਭੈਣ ਦੀ ਅੱਖ ਵਿੱਚ ਹੰਝੂ ਨਹੀਂ ਆਉਣ ਦਿੱਤਾ ਜਾਵੇਗਾ ਅਤੇ ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਦਾ ਟੀਚਾ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਲੋਕਾਂ ਦੀ ਸਾਂਝੀ ਲੜਾਈ ਦੱਸਦਿਆਂ ਸਾਰਿਆਂ ਨੂੰ ਇਸ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਆਪਣੇ ਸੰਦੇਸ਼ ਦੀ ਸਮਾਪਤੀ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਨਾਲ ਕੀਤੀ
