ਰੂਪਨਗਰ: ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਨਵੀਂ ਪ੍ਰਚਾਰ ਮੁਹਿੰਮ ਨੂੰ ਲੈ ਕੇ ਰੂਪਨਗਰ ਵਿਖੇ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਨਵੀਂ ਮੁਹਿੰਮ ਸਬੰਧੀ ਜਾਣਕਾਰੀ ਦਿੱਤੀ ਗਈ।
ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 6 ਅਕਤੂਬਰ ਤੋਂ ਪਾਰਟੀ ਵੱਲੋਂ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਵੇਰੇ 11 ਵਜੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸੇ ਸਮੇਂ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਆਪੋ-ਆਪਣੇ ਹਲਕਿਆਂ ਵਿੱਚ ਘਰ-ਘਰ ਜਾ ਕੇ ਮੁਹਿੰਮ ਦੀ ਸ਼ੁਰੂਆਤ ਕਰਨਗੇ। ਪਾਰਟੀ ਦੇ ਸੀਨੀਅਰ ਆਗੂ ਵੀ ਹਲਕਾ ਇੰਚਾਰਜਾਂ ਨਾਲ ਤਾਲਮੇਲ ਕਰਕੇ ਇਸ ਮੁਹਿੰਮ ਵਿੱਚ ਸ਼ਾਮਲ ਹੋਣਗੇ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਅਕਾਲੀ ਦਲ ਦੇ ਆਗੂ ਅਤੇ ਵਰਕਰ ਹਰ ਘਰ ਤੱਕ ਪਹੁੰਚ ਕਰਨਗੇ ਅਤੇ ਪੰਜਾਬ ਸਰਕਾਰ ਦੇ ਕੰਮਕਾਜ ਸਬੰਧੀ ਲੋਕਾਂ ਦੀ ਰਾਏ ਜਾਣੀ ਜਾਵੇਗੀ। ਲੋਕਾਂ ਵੱਲੋਂ ਉਠਾਏ ਜਾਣ ਵਾਲੇ ਮੁੱਦਿਆਂ ਅਤੇ ਸੁਝਾਵਾਂ ਨੂੰ ਆਉਣ ਵਾਲੇ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਵੱਲੋਂ ਪ੍ਰਧਾਨ ਬਦਲਣ ਸਬੰਧੀ ਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਭਾਵੇਂ ਵਾਰ-ਵਾਰ ਪਾਇਲਟ ਬਦਲ ਲਵੇ, ਪਰ ਜਦੋਂ ਤੱਕ ਇੰਜਣ ਕੰਮ ਨਹੀਂ ਕਰੇਗਾ, ਪਾਇਲਟ ਕੀ ਕਰ ਸਕਦਾ ਹੈ
