ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਧਮਾਕਾਖੇਜ਼ ਸਮੱਗਰੀ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ 1 AK-47 ਰਾਈਫਲ, ਇੱਕ ਮੈਗਜ਼ੀਨ, ਜਿੰਦਾ ਕਾਰਤੂਸ ਅਤੇ 2 ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ।
ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ, ਕਾਬੂ ਕੀਤਾ ਗਿਆ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਨਾਲ ਕਥਿਤ ਤੌਰ ’ਤੇ ਜੁੜਿਆ ਹੋਇਆ ਹੈ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦ-ਫਰੋਖ਼ਤ/ਸਪਲਾਈ ਵਿੱਚ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ।
ਇਸ ਮਾਮਲੇ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਵਿਖੇ Arms Act ਅਤੇ Explosive Substances Act ਦੀਆਂ ਸਬੰਧਤ ਧਾਰਾਵਾਂ ਤਹਿਤ FIR ਦਰਜ ਕੀਤੀ ਗਈ ਹੈ।
ਪੁਲਿਸ ਵੱਲੋਂ ਹੁਣ ਇਸ ਪੂਰੇ ਨੈੱਟਵਰਕ ਦੀਆਂ ਬੈਕਵਰਡ ਅਤੇ ਫਾਰਵਰਡ ਲਿੰਕੇਜ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਥਿਆਰਾਂ ਦੀ ਸਪਲਾਈ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਪੰਜਾਬ ਪੁਲਿਸ ਦੇ DGP ਨੇ X ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧਿਕ ਨੈੱਟਵਰਕ ਅਤੇ ਗੈਰ-ਕਾਨੂੰਨੀ ਸਪਲਾਈ ਚੇਨ ’ਤੇ ਸਖ਼ਤ ਨਿਗਰਾਨੀ ਰੱਖਦਿਆਂ ਕਾਰਵਾਈ ਜਾਰੀ ਰੱਖੇਗੀ।
ਜਾਂਚ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਨਾਲ ਜੁੜੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ
