ਅਜਨਾਲਾ ਨੇੜੇ ਰੇਲਵੇ ਪੁਲਿਸ ਮੁਲਾਜ਼ਮ ’ਤੇ ਗੋਲੀਬਾਰੀ, ਬਾਂਹ ’ਚੋਂ ਆਰ-ਪਾਰ ਹੋਈ ਗੋਲੀ

ਅਜਨਾਲਾ: ਅਜਨਾਲਾ ਸ਼ਹਿਰ ਤੋਂ ਕੁਝ ਦੂਰੀ ’ਤੇ ਸਥਿਤ ਪਿੰਡ ਜਗਦੇਵ ਖੁਰਦ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਰੇਲਵੇ ਪੁਲਿਸ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਕਾਰਨ ਮੁਲਾਜ਼ਮ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਜ਼ਖਮੀ ਪੁਲਿਸ ਮੁਲਾਜ਼ਮ ਦੀ ਪਛਾਣ ਸੁਖਚੈਨ ਸਿੰਘ, ਵਾਸੀ ਪਿੰਡ ਜਗਦੇਵ ਖੁਰਦ ਵਜੋਂ ਹੋਈ ਹੈ। ਸੁਖਚੈਨ ਸਿੰਘ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਤੋਂ ਆਪਣੀ ਡਿਊਟੀ ਖ਼ਤਮ ਕਰਕੇ ਆਪਣੇ ਪਿੰਡ ਵੱਲ ਆ ਰਿਹਾ ਸੀ। ਜਦੋਂ ਉਹ ਪਿੰਡ ਜਗਦੇਵ ਖੁਰਦ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ ’ਤੇ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਗੋਲੀ ਚਲਾ ਦਿੱਤੀ। ਗੋਲੀ ਉਸ ਦੀ ਬਾਂਹ ਵਿੱਚੋਂ ਆਰ-ਪਾਰ ਹੋ ਗਈ।

ਜ਼ਖਮੀ ਮੁਲਾਜ਼ਮ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ। ਹਾਲਾਂਕਿ, ਉਸ ਦੇ ਭਰਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਉਸ ਨੂੰ ਸ਼ੱਕ ਹੈ ਕਿ ਉਸ ਦੀ ਭਰਜਾਈ ਵੱਲੋਂ ਇਹ ਹਮਲਾ ਕਰਵਾਇਆ ਗਿਆ ਹੋ ਸਕਦਾ ਹੈ। ਉਸ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੋਲੀ ਚਲਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ, ਐਸਪੀ ਰਮਨਦੀਪ ਸਿੰਘ, ਡੀਐਸਪੀ ਧਰਮਿੰਦਰ ਕਲਿਆਣ, ਡੀਐਸਪੀ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਐਸਐਚਓ ਨਰਿੰਦਰ ਸਿੰਘ ਮੌਕੇ ’ਤੇ ਪਹੁੰਚੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਅਗਲੇਰੀ ਕਾਰਵਾਈ ਜਾਰੀ ਹੈ।