ਧੂਰੀ: ਧੂਰੀ ਵਿੱਚ ਹੋਈ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੇ ਕੰਮਾਂ, ਵਿਕਾਸ ਪ੍ਰੋਜੈਕਟਾਂ ਅਤੇ ਆਉਣ ਵਾਲੀਆਂ ਯੋਜਨਾਵਾਂ ਨੂੰ ਲੈ ਕੇ ਕਈ ਅਹਿਮ ਗੱਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਰੈਲੀ ਵਿੱਚ ਇਕੱਠੀ ਹੋਈ ਭੀੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਗੂੰਜ ਪੰਜਾਬ ਦੇ ਹਰ ਘਰ ਤੱਕ ਪਹੁੰਚ ਰਹੀ ਹੈ।
CM ਮਾਨ ਨੇ ਕਿਹਾ ਕਿ ਪੰਜਾਬ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ‘ਪਰਿਵਾਰ ਪਾਲਣ ਵਾਲੀ ਰਾਜਨੀਤੀ’ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਸੂਬੇ ਦੇ ਕਰੀਬ 4,000 ਪਿੰਡਾਂ ਨੂੰ ‘ਲਾਲ ਲਕੀਰ’ ਤੋਂ ਮੁਕਤ ਕਰਕੇ ਪੱਕੀਆਂ ਰਜਿਸਟਰੀਆਂ ਦੇਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
ਧੂਰੀ ਨੂੰ ₹47 ਕਰੋੜ ਦੇ ਵਾਟਰ ਪ੍ਰੋਜੈਕਟ ਦੀ ਸੌਗਾਤ
ਮੁੱਖ ਮੰਤਰੀ ਨੇ ਧੂਰੀ ਲਈ ₹47 ਕਰੋੜ ਦੇ ਵਾਟਰ ਪ੍ਰੋਜੈਕਟ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਪਾਣੀ ਦੀ ਸਹੂਲਤ ਦੇਣ ਲਈ ਵੱਖ-ਵੱਖ ਪ੍ਰੋਜੈਕਟਾਂ ’ਤੇ ਕੰਮ ਕੀਤਾ ਜਾ ਰਿਹਾ ਹੈ।
ਟੇਲਾਂ ਤੱਕ ਨਹਿਰੀ ਪਾਣੀ ਪਹੁੰਚਣ ਦਾ ਦਾਅਵਾ
ਭਗਵੰਤ ਮਾਨ ਨੇ ਖੇਤੀਬਾੜੀ ਖੇਤਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਹਿਰੀ ਪਾਣੀ ਦੀ ਪਹੁੰਚ ਨੂੰ ਵਧਾਇਆ ਗਿਆ ਹੈ। ਉਨ੍ਹਾਂ ਦੇ ਅਨੁਸਾਰ ਹੁਣ 88 ਫ਼ੀਸਦੀ ਤੱਕ ਨਹਿਰੀ ਪਾਣੀ ਟੇਲਾਂ ’ਤੇ ਪਹੁੰਚ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਫ਼ਸਲਾਂ ਦੀ ਪੈਦਾਵਾਰ ਵਧਾਉਣ ਵਿੱਚ ਮਦਦ ਮਿਲੀ ਹੈ।
ਸਿੱਖਿਆ, ਸਿਹਤ ਅਤੇ ਬਿਜਲੀ ਸਹੂਲਤਾਂ ਦਾ ਕੀਤਾ ਜ਼ਿਕਰ
CM ਮਾਨ ਨੇ ਸੂਬੇ ਦੀ ਸਿੱਖਿਆ ਅਤੇ ਸਿਹਤ ਵਿਵਸਥਾ ਵਿੱਚ ਹੋ ਰਹੇ ਬਦਲਾਅ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਜ਼ੀਰੋ ਬਿਜਲੀ ਬਿੱਲ ਨੂੰ ਵੀ ਸਰਕਾਰ ਦੀਆਂ ਪ੍ਰਾਪਤੀਆਂ ਵਿੱਚ ਗਿਣਾਉਂਦਿਆਂ ਕਿਹਾ ਕਿ ਇਹ ਸਹੂਲਤ ਹੁਣ ਪੰਜਾਬ ਦੇ ਲੋਕਾਂ ਲਈ ਹਕੀਕਤ ਬਣ ਚੁੱਕੀ ਹੈ।
‘ਕੇਂਦਰੀ ਏਜੰਸੀਆਂ ਦੀਆਂ ਧਮਕੀਆਂ ਤੋਂ ਨਹੀਂ ਡਰਾਂਗੇ’
ਕੇਂਦਰੀ ਜਾਂਚ ਏਜੰਸੀਆਂ ਦੀਆਂ ਕਾਰਵਾਈਆਂ ਨੂੰ ਲੈ ਕੇ ਚੱਲ ਰਹੀ ਸਿਆਸੀ ਚਰਚਾ ਦਰਮਿਆਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਤਰ੍ਹਾਂ ਦੇ ਦਬਾਅ ਤੋਂ ਪਿੱਛੇ ਹਟਣ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੇਵਾ ਹੀ ਸਰਕਾਰ ਦਾ ਮੁੱਖ ਮਕਸਦ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਲੋਕ ਕਿਸੇ ਦੀ ਧੌਂਸ ਨਹੀਂ ਝੱਲਦੇ ਅਤੇ ਸਰਕਾਰ ਸੂਬੇ ਦੇ ਹਿੱਤਾਂ ਲਈ ਕੰਮ ਕਰਦੀ ਰਹੇਗੀ
