ਵਕੀਲਾਂ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦਾ ਮਾਮਲਾ ਭਖਿਆ; ਖਹਿਰਾ ਨੂੰ ਟਿੱਪਣੀ ਵਾਪਸ ਲੈਣ ਅਤੇ ਜਨਤਕ ਤੌਰ ’ਤੇ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਮੰਗ
ਚੰਡੀਗੜ੍ਹ: ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਵਕੀਲਾਂ ਖ਼ਿਲਾਫ਼ ਕਥਿਤ ਤੌਰ ’ਤੇ ਇਤਰਾਜ਼ਯੋਗ ਭਾਸ਼ਾ ਵਰਤਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਸਮੇਤ ਕਈ ਬਾਰ ਐਸੋਸੀਏਸ਼ਨਾਂ ਨੇ ਆਪਣਾ ਵਿਰੋਧ ਦਰਜ ਕਰਵਾਇਆ ਹੈ।
ਮਿਲੀ ਜਾਣਕਾਰੀ ਅਨੁਸਾਰ, ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਵੱਲੋਂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਨਿੰਦਾ ਮਤਾ ਪਾਸ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੋਗਾ, ਫਿਲੌਰ ਅਤੇ ਰੂਪਨਗਰ ਦੀਆਂ ਬਾਰ ਐਸੋਸੀਏਸ਼ਨਾਂ ਨੇ ਵੀ ਇਸ ਮਾਮਲੇ ’ਤੇ ਇਤਰਾਜ਼ ਜਤਾਉਂਦਿਆਂ ਆਪਣੀ ਨਾਰਾਜ਼ਗੀ ਪ੍ਰਗਟਾਈ ਹੈ।
ਟਿੱਪਣੀ ਵਾਪਸ ਲੈਣ ਅਤੇ ਮੁਆਫ਼ੀ ਮੰਗਣ ਦੀ ਮੰਗ
ਬਾਰ ਐਸੋਸੀਏਸ਼ਨਾਂ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਆਪਣੀ ਵਿਵਾਦਿਤ ਟਿੱਪਣੀ ਵਾਪਸ ਲੈਣ ਅਤੇ ਜਨਤਕ ਤੌਰ ’ਤੇ ਬਿਨਾਂ ਕਿਸੇ ਸ਼ਰਤ ਦੇ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਇਸ ਘਟਨਾਕ੍ਰਮ ਤੋਂ ਬਾਅਦ ਵਕੀਲ ਭਾਈਚਾਰੇ ਵਿੱਚ ਇਸ ਮੁੱਦੇ ਨੂੰ ਲੈ ਕੇ ਰੋਸ ਦੇਖਣ ਨੂੰ ਮਿਲ ਰਿਹਾ ਹੈ।
ਹੁਣ ਇਸ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਵੱਲੋਂ ਕੀ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ ਅਤੇ ਕੀ ਉਹ ਆਪਣੀ ਟਿੱਪਣੀ ਵਾਪਸ ਲੈਂਦੇ ਹਨ, ਇਸ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ




