ਹੁਸ਼ਿਆਰਪੁਰ ਜ਼ਿਲ੍ਹੇ ‘ਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ, ਕਿਸਾਨਾਂ ਨੂੰ 175.92 ਕਰੋੜ ਰੁਪਏ ਦੀ ਅਦਾਇਗੀ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਹੈ। 10 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ 1,09,103 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ, ਜਦਕਿ ਇਸ ਵਿੱਚੋਂ 1,07,775 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ  ਹੁਣ ਤੱਕ ਖਰੀਦੇ ਗਏ ਝੋਨੇ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1,07,159 ਮੀਟ੍ਰਿਕ ਟਨ ਅਤੇ ਨਿੱਜੀ ਖਰੀਦ ਰਾਹੀਂ 616 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨਾ ਪ੍ਰਸ਼ਾਸਨ ਦੀ ਪਹਿਲ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਕਿਸਾਨਾਂ ਨੂੰ 175.92 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਅਦਾਇਗੀ ਲਈ ਨਿਰਧਾਰਤ 48 ਘੰਟਿਆਂ ਦੇ ਮਾਪਦੰਡ ਅਨੁਸਾਰ 100 ਫ਼ੀਸਦੀ ਭੁਗਤਾਨ ਯਕੀਨੀ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ 10 ਅਕਤੂਬਰ ਨੂੰ 7,249 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਗਈ, ਜਦਕਿ ਹੁਣ ਤੱਕ ਕੁੱਲ 17,337 ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚੋਂ ਚੁੱਕਿਆ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਬਰਕਰਾਰ ਰੱਖੇ ਜਾਣ, ਖਰੀਦੇ ਗਏ ਝੋਨੇ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਅਤੇ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ