ਸੰਗਰੂਰ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਜ਼ਿਲ੍ਹੇ ਦੇ ਹਲਕਾ ਧੂਰੀ ਅਧੀਨ ਪੈਂਦੇ ਪਿੰਡ ਮੀਮਸਾ ਵਿਖੇ ਲੋਕ ਮਿਲਣੀ ਕੀਤੀ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪਿੰਡ ਮੀਮਸਾ ਦੀ ਸੱਥ ਵਿੱਚ ਆਪਣੇ ਲੋਕਾਂ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕਰਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਅਥਾਹ ਪਿਆਰ ਅਤੇ ਸਮਰਥਨ ਸਦਕਾ ਹੀ ਅੱਜ ਧੂਰੀ ਪੰਜਾਬ ਦੀ ਰਾਜਨੀਤੀ ਦੀ ‘ਧੁਰੀ’ ਬਣਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਗਏ ਵਾਅਦਿਆਂ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਅਨੁਸਾਰ ਖੇਤੀਬਾੜੀ ਲਈ ਦਿਨ ਵੇਲੇ ਬਿਜਲੀ ਦੀ ਸਪਲਾਈ, 88 ਫ਼ੀਸਦੀ ਨਹਿਰੀ ਪਾਣੀ ਦੀ ਪਹੁੰਚ, 70,685 ਨੌਕਰੀਆਂ, ਮੁਫ਼ਤ ਇਲਾਜ ਅਤੇ ਜ਼ੀਰੋ ਬਿਜਲੀ ਬਿੱਲਾਂ ਵਰਗੀਆਂ ਸਹੂਲਤਾਂ ਨਾਲ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਹੋ ਰਿਹਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਵਾਂ-ਭੈਣਾਂ ਨੂੰ ਦਿੱਤੀ ਜਾ ਰਹੀ ਸਨਮਾਨ ਰਾਸ਼ੀ ਉਨ੍ਹਾਂ ਦੇ ਬਣਦੇ ਮਾਣ-ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਵੱਲੋਂ ਸੌਂਪੀ ਗਈ ਸੇਵਾ ਦੀ ਜ਼ਿੰਮੇਵਾਰੀ ਨੂੰ ਲੋਕਾਂ ਦੀਆਂ ਦੁਆਵਾਂ ਅਤੇ ਸਹਿਯੋਗ ਨਾਲ ਪੂਰੀ ਇਮਾਨਦਾਰੀ ਨਾਲ ਨਿਭਾਇਆ ਜਾਂਦਾ ਰਹੇਗਾ।
