ਪੰਜਾਬ ਸਰਕਾਰ ਵੱਲੋਂ ਡੀਏ ਦੇ ਬਕਾਏ ਦੀ ਅਦਾਇਗੀ ਦੇ ਵਿੱਤੀ ਬੋਝ ਦਾ ਮੁਲਾਂਕਣ ਸ਼ੁਰੂ

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਜਾਰੀ ਕਰਨ ਨਾਲ ਪੈਣ ਵਾਲੇ ਵਿੱਤੀ ਬੋਝ ਦਾ ਮੁੜ ਮੁਲਾਂਕਣ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਵਿੱਤ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਵਿਭਾਗਾਂ ਤੋਂ ਹਾਈ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਨਾਲ ਜੁੜੇ ਵਿੱਤੀ ਪ੍ਰਭਾਵਾਂ ਬਾਰੇ ਵਿਸਤ੍ਰਿਤ ਜਾਣਕਾਰੀ ਮੰਗੀ ਹੈ।

ਵਿੱਤ ਵਿਭਾਗ ਵੱਲੋਂ ਵੀਰਵਾਰ ਨੂੰ ਸਾਰੇ ਵਿਭਾਗਾਂ ਦੇ ਮੁਖੀਆਂ, ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਕੀ ਸਕੱਤਰਾਂ ਨੂੰ ਪੱਤਰ ਜਾਰੀ ਕੀਤਾ ਗਿਆ। ਇਸ ਵਿਚ ਸਬੰਧਤ ਰਿੱਟ ਪਟੀਸ਼ਨ ਅਤੇ 17 ਅਗਸਤ ਨੂੰ ਜਾਰੀ ਕੀਤੀਆਂ ਹਦਾਇਤਾਂ ਦਾ ਹਵਾਲਾ ਦਿੰਦਿਆਂ ਅਦਾਲਤੀ ਫ਼ੈਸਲੇ ਨੂੰ ਲਾਗੂ ਕਰਨ ਨਾਲ ਸਰਕਾਰ ’ਤੇ ਪੈਣ ਵਾਲੇ ਵਿੱਤੀ ਬੋਝ ਦੇ ਪੂਰੇ ਵੇਰਵੇ ਮੰਗੇ ਗਏ ਹਨ।

ਜ਼ਿਕਰਯੋਗ ਹੈ ਕਿ 17 ਅਗਸਤ ਦੀਆਂ ਹਦਾਇਤਾਂ ਸਿਵਲ ਰਿੱਟ ਪਟੀਸ਼ਨ ਅਤੇ ਇਸ ਨਾਲ ਸਬੰਧਤ ਮਾਮਲਿਆਂ ਵਿਚ ਆਏ ਅਦਾਲਤੀ ਫ਼ੈਸਲੇ ਨੂੰ ਲਾਗੂ ਕਰਨ ਬਾਰੇ ਸਨ। ਉਸ ਸਮੇਂ ਮੁਲਾਜ਼ਮ ਜਥੇਬੰਦੀਆਂ ਨੇ ਇਨ੍ਹਾਂ ਹਦਾਇਤਾਂ ਨੂੰ ਡੀਏ ਦੇ ਬਕਾਏ ਦੀ ਅਦਾਇਗੀ ਟਾਲਣ ਦੀ ਕੋਸ਼ਿਸ਼ ਵਜੋਂ ਦੇਖਿਆ ਸੀ। ਹਾਲਾਂਕਿ, ਵਿੱਤ ਵਿਭਾਗ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਤਾਜ਼ਾ ਪੱਤਰ ਦਾ ਮਕਸਦ ਸਿਰਫ਼ ਸਰਕਾਰ ’ਤੇ ਪੈਣ ਵਾਲੇ ਵਿੱਤੀ ਬੋਝ ਦਾ ਅੰਦਾਜ਼ਾ ਲਗਾਉਣਾ ਅਤੇ ਇਸ ਅਨੁਸਾਰ ਬਜਟ ਵਿਚ ਲੋੜੀਂਦੇ ਫੰਡਾਂ ਦਾ ਪ੍ਰਬੰਧ ਕਰਨਾ ਹੈ।

ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਸਮੇਤ ਹੋਰ ਬਕਾਇਆਂ ਦੀ ਕੁੱਲ ਵਿੱਤੀ ਦੇਣਦਾਰੀ ਲਗਪਗ 14,191 ਕਰੋੜ ਰੁਪਏ ਬਣਦੀ ਹੈ। ਸਰਕਾਰ ਨੇ ਪਹਿਲਾਂ ਇਸ ਵੱਡੀ ਰਕਮ ਦੀ ਇਕਮੁਸ਼ਤ ਅਦਾਇਗੀ ਨਾਲ ਪੈਣ ਵਾਲੇ ਵਿੱਤੀ ਦਬਾਅ ਦਾ ਹਵਾਲਾ ਦਿੰਦਿਆਂ ਬਕਾਇਆ ਰਾਸ਼ੀ ਪੰਜ ਵਿੱਤੀ ਸਾਲਾਂ ਦੌਰਾਨ ਪੜਾਅਵਾਰ ਜਾਰੀ ਕਰਨ ਦਾ ਪ੍ਰਸਤਾਵ ਰੱਖਿਆ ਸੀ।

ਵਿੱਤ ਵਿਭਾਗ ਵੱਲੋਂ ਇਹ ਨਵਾਂ ਪੱਤਰ ਉਸ ਸਮੇਂ ਜਾਰੀ ਕੀਤਾ ਗਿਆ ਹੈ, ਜਦੋਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕੋਲ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਅਦਾਲਤ ਨੇ ਮੁੱਖ ਸਕੱਤਰ ਨੂੰ ਅਗਲੀ ਸੁਣਵਾਈ ਦੌਰਾਨ 3 ਨਵੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।