ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਦਾ ਬਦਲਿਆ ਮਿਜ਼ਾਜ, ਕਈ ਜ਼ਿਲ੍ਹਿਆਂ ‘ਚ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਅੱਜ, 30 ਅਕਤੂਬਰ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਗਰਜ-ਚਮਕ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ਵਿੱਚ ਗੜੇ ਪੈਣ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

ਮੌਸਮ ਵਿੱਚ ਆਏ ਇਸ ਬਦਲਾਅ ਦਾ ਅਸਰ ਤਾਪਮਾਨ ‘ਤੇ ਵੀ ਦੇਖਣ ਨੂੰ ਮਿਲਿਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ 34.9 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਸਵੇਰ ਅਤੇ ਰਾਤ ਦੇ ਸਮੇਂ ਠੰਢ ਵਧਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਲਈ ਗਰਜ-ਚਮਕ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਹਲਕਾ ਮੀਂਹ ਪੈਣ ਦੇ ਆਸਾਰ ਹਨ।

ਮੌਸਮ ਵਿਭਾਗ ਦੀ ਚਿਤਾਵਨੀ ਦੇ ਮੱਦੇਨਜ਼ਰ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਬਿਜਲੀ ਚਮਕਣ ਸਮੇਂ ਖੁੱਲ੍ਹੀਆਂ ਥਾਵਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।