ਮਾਹਿਲਪੁਰ, ਬੀਤੀ ਦੇਰ ਸ਼ਾਮ ਥਾਣਾ ਮਾਹਿਲਪੁਰ ਦੇ ਸਾਹਮਣੇ ਪੰਜਾਬ ਰੋਡਵੇਜ਼ ਦੀ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਸਾਈਕਲ ਸਵਾਰ 73 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਵੇਦ ਪ੍ਰਕਾਸ਼, ਵਾਸੀ ਮਾਹਿਲਪੁਰ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ ਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਵੱਲ ਜਾ ਰਿਹਾ ਸੀ। ਇਸ ਦੌਰਾਨ ਨੰਗਲ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨੰਬਰ ਪੀ.ਬੀ. 12 ਵਾਈ 1441 ਨਾਲ ਉਸ ਦੀ ਟੱਕਰ ਹੋ ਗਈ। ਹਾਦਸੇ ਦੌਰਾਨ ਬੱਸ ਉਸ ਦੀਆਂ ਲੱਤਾਂ ਉੱਪਰੋਂ ਲੰਘ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਮੌਕੇ ’ਤੇ ਮੌਜੂਦ ਰਾਹਗੀਰਾਂ ਵੱਲੋਂ ਜ਼ਖ਼ਮੀ ਬਜ਼ੁਰਗ ਨੂੰ ਤੁਰੰਤ ਸਿਵਲ ਹਸਪਤਾਲ ਮਾਹਿਲਪੁਰ ਪਹੁੰਚਾਇਆ ਗਿਆ। ਉੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਰੈਫਰ ਕਰ ਦਿੱਤਾ। ਪਰ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਪਰਿਵਾਰਕ ਮੈਂਬਰ ਉਸ ਨੂੰ ਕਿਸੇ ਨਿੱਜੀ ਹਸਪਤਾਲ ਲੈ ਕੇ ਜਾ ਰਹੇ ਸਨ ਕਿ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ।
ਉਧਰ, ਥਾਣਾ ਮਾਹਿਲਪੁਰ ਦੀ ਪੁਲਿਸ ਨੇ ਹਾਦਸੇ ਵਿੱਚ ਸ਼ਾਮਲ ਬੱਸ ਅਤੇ ਉਸ ਦੇ ਡਰਾਈਵਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
