ਮਾਵਾਂ-ਧੀਆਂ ਸਤਿਕਾਰ ਯੋਜਨਾ: 1 ਨਵੰਬਰ ਤੋਂ ਮਹਿਲਾਵਾਂ ਦੇ ਖਾਤਿਆਂ ਵਿੱਚ ਆਵੇਗੀ ₹3,000 ਤੋਂ ₹4,500 ਤੱਕ ਦੀ ਰਾਸ਼ੀ

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਇੱਕ ਵਾਰ ਫਿਰ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਭੇਜੀ ਜਾ ਰਹੀ ਹੈ। ਪਹਿਲੀ ਨਵੰਬਰ ਤੋਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ₹3,000 ਤੋਂ ₹4,500 ਤੱਕ ਦੀ ਰਕਮ ਸਿੱਧੀ ਟਰਾਂਸਫਰ ਕੀਤੀ ਜਾਵੇਗੀ।

ਇਸ ਸਬੰਧੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਮਾਵਾਂ-ਭੈਣਾਂ ਦੇ ਮੋਬਾਈਲ ਫ਼ੋਨਾਂ ’ਤੇ ਖ਼ੁਸ਼ੀਆਂ ਦੀ ਘੰਟੀ ਵੱਜੇਗੀ, ਕਿਉਂਕਿ ਯੋਜਨਾ ਤਹਿਤ ਸਨਮਾਨ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚੇਗੀ।

ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਉਪਰਾਲਾ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਾਉਣ ਵੱਲ ਅਹਿਮ ਕਦਮ ਹੈ। ਇਸ ਨਾਲ ਮਹਿਲਾਵਾਂ ਆਪਣੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਆਪਣੇ ਫ਼ੈਸਲੇ ਖ਼ੁਦ ਲੈਣ ਦੇ ਹੋਰ ਸਮਰੱਥ ਬਣਨਗੀਆਂ।

ਉਨ੍ਹਾਂ ਮੁਤਾਬਕ ਇਸ ਯੋਜਨਾ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਸਹਾਰਾ ਦੇਣਾ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਰੂਰਤਾਂ ਲਈ ਦੂਜਿਆਂ ’ਤੇ ਨਿਰਭਰ ਰਹਿਣ ਤੋਂ ਮੁਕਤ ਕਰਨਾ ਹੈ।