ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸੂਬੇ ਦੇ ਵਿਕਾਸ, ਰੁਜ਼ਗਾਰ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਨਾਲ ਜੁੜੇ ਕਈ ਮਹੱਤਵਪੂਰਨ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ਰਾਹੀਂ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਅਹਿਮ ਕਦਮ ਚੁੱਕੇ ਗਏ ਹਨ
ਕੈਬਨਿਟ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਿੱਚ ਪੰਜਾਬ ਕੇਡਰ ਦੀਆਂ ਖਾਲੀ ਪਈਆਂ 2,452 ਅਸਾਮੀਆਂ ਭਰਨ ਦੇ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਤੇਜ਼ ਕਰਨ ਲਈ NDPS ਐਕਟ ਤਹਿਤ 35 ਨਵੀਆਂ ਅਦਾਲਤਾਂ ਸਥਾਪਤ ਕਰਨ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ
ਇਸੇ ਤਰ੍ਹਾਂ ਡੇਰਾਬੱਸੀ ਨੇੜੇ ਗਿੱਲੇ ਕੂੜੇ ਤੋਂ ਬਾਇਓ-ਗੈਸ ਤਿਆਰ ਕਰਨ ਵਾਲਾ ਪਲਾਂਟ ਸਥਾਪਤ ਕਰਨ ਅਤੇ ਹਲਕਾ ਲਹਿਰਾ ਵਿੱਚ ਨਵੀਂ ਅਨਾਜ ਮੰਡੀ ਬਣਾਉਣ ਦਾ ਫੈਸਲਾ ਵੀ ਲਿਆ ਗਿਆ ਹੈ
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਫੈਸਲਿਆਂ ਨਾਲ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਸਰਕਾਰ ਦਾ ਮਕਸਦ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਲਿਜਾਣਾ ਹੈ
