ਪੰਜਾਬ ਵਿੱਚ ਭਾਜਪਾ ਕੋਲ ਆਪਣਾ ਕੋਈ ਆਧਾਰ ਨਹੀਂ, ਦੂਜੀਆਂ ਪਾਰਟੀਆਂ ਵੱਲੋਂ ਕੱਢੇ ਆਗੂਆਂ ਨੂੰ ਕਰ ਰਹੀ ਇਕੱਠਾ: ਅਮਨ ਅਰੋੜਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਪੰਜਾਬ ਵਿੱਚ ਆਪਣਾ ਸਿਆਸੀ ਆਧਾਰ ਮਜ਼ਬੂਤ ਨਾ ਹੋਣ ਕਾਰਨ ਭਾਜਪਾ ਹੁਣ ਦੂਜੀਆਂ ਪਾਰਟੀਆਂ ਵੱਲੋਂ ਬਾਹਰ ਕੀਤੇ ਗਏ ਆਗੂਆਂ ਨੂੰ ਆਪਣੇ ਨਾਲ ਜੋੜਨ ਵਿੱਚ ਲੱਗੀ ਹੋਈ ਹੈ।

ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣਾ ਪੱਖ ਰੱਖਦਿਆਂ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਿਆ ਹੈ। ਉਨ੍ਹਾਂ ਮੁਤਾਬਕ ਪਾਰਟੀ ਨੇ ਆਪਣੇ ਆਗੂਆਂ ਵੱਲੋਂ ਭ੍ਰਿਸ਼ਟਾਚਾਰ ਕਰਨ ਜਾਂ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਨ ਦੇ ਮਾਮਲਿਆਂ ਵਿੱਚ ਵੀ ਕਿਸੇ ਤਰ੍ਹਾਂ ਦੀ ਨਰਮੀ ਨਹੀਂ ਦਿਖਾਈ ਅਤੇ ਅਜਿਹੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਹੈ।

ਅਮਨ ਅਰੋੜਾ ਨੇ ਭਾਜਪਾ ਦੀ ਨਵੀਂ ਸਿਆਸੀ ਰਣਨੀਤੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਭਾਜਪਾ ਅਜਿਹੇ ਹੀ ਆਗੂਆਂ ਨੂੰ ਆਪਣੇ ਖੇਮੇ ਵਿੱਚ ਸ਼ਾਮਲ ਕਰ ਰਹੀ ਹੈ, ਜਿਨ੍ਹਾਂ ਨੂੰ ਹੋਰਨਾਂ ਪਾਰਟੀਆਂ ਨੇ ਕਿਸੇ ਕਾਰਨ ਕਰਕੇ ਬਾਹਰ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਭ ਪੰਜਾਬ ਵਿੱਚ ਭਾਜਪਾ ਦੀ ਕਮਜ਼ੋਰ ਸਿਆਸੀ ਸਥਿਤੀ ਨੂੰ ਦਰਸਾਉਂਦਾ ਹੈ।

‘ਆਪ’ ਆਗੂ ਨੇ ਆਪਣੇ ਬਿਆਨ ਵਿੱਚ ਇੱਕ ਵਿਅਕਤੀ ਖ਼ਿਲਾਫ਼ ਪੁਲਿਸ ‘ਤੇ ਗੋਲੀ ਚਲਾਉਣ ਅਤੇ ਬਲਾਤਕਾਰ ਦੇ ਦੋਸ਼ਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਅਜਿਹੇ ਮਾਮਲਿਆਂ ਵਿੱਚ ਕੀਤੀ ਗਈ ਕਾਰਵਾਈ ਦਾ ਹਵਾਲਾ ਦਿੰਦਿਆਂ ਭਾਜਪਾ ਨੂੰ ਘੇਰਿਆ।

ਅਮਨ ਅਰੋੜਾ ਨੇ ਅੰਤ ਵਿੱਚ ਕਿਹਾ ਕਿ ਭਾਜਪਾ ਕੋਲ ਪੰਜਾਬ ਲਈ ਆਪਣਾ ਕੋਈ ਮਜ਼ਬੂਤ ਆਧਾਰ ਜਾਂ ਸਿਆਸੀ ਏਜੰਡਾ ਨਹੀਂ ਹੈ ਅਤੇ ਉਹ ਦੂਜੀਆਂ ਪਾਰਟੀਆਂ ਦੇ ਰੱਦ ਕੀਤੇ ਆਗੂਆਂ ਦੇ ਸਹਾਰੇ ਸੂਬੇ ਵਿੱਚ ਆਪਣੀ ਥਾਂ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ