ਖੰਨਾ : ਖੰਨਾ ਤੋਂ ਪੰਜਾਬ ਪੁਲਿਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਨਸ਼ੇ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਥਿਤ ਤੌਰ ‘ਤੇ ਗ਼ਲਤ ਬਰਾਮਦਗੀ ਕੀਤੇ ਜਾਣ ਸਬੰਧੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਖੰਨਾ ਪੁਲਿਸ ਨੇ ਆਪਣੇ ਹੀ ਇੱਕ ਮੁਲਾਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ।
ਮਾਮਲੇ ਦਾ ਨੋਟਿਸ ਲੈਂਦਿਆਂ ਖੰਨਾ ਦੀ SSP ਡਾ. ਦਰਪਣ ਆਹਲੂਵਾਲੀਆ ਨੇ ਤੁਰੰਤ ਕਦਮ ਚੁੱਕੇ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਇਸ ਮਾਮਲੇ ਵਿੱਚ ਜਿਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਉਸ ਨੂੰ ਬੀਤੀ ਰਾਤ ਹੀ ਰਿਹਾਅ ਕਰ ਦਿੱਤਾ ਗਿਆ।
ਇਸ ਦੇ ਨਾਲ ਹੀ ਸਬੰਧਤ ਪੁਲਿਸ ਮੁਲਾਜ਼ਮ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਯਕੀਨੀ ਬਣਾਉਣ ਲਈ DSP ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (SIT) ਵੀ ਬਣਾਈ ਗਈ ਹੈ।
SSP ਖੰਨਾ ਵੱਲੋਂ ਇਸ ਕਾਰਵਾਈ ਰਾਹੀਂ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਪੁਲਿਸ ਵਿਭਾਗ ਵਿੱਚ ਕਿਸੇ ਵੀ ਤਰ੍ਹਾਂ ਦੀ ਕਥਿਤ ਗ਼ਲਤ ਕਾਰਵਾਈ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ ਅਤੇ ਮਾਮਲੇ ਦੀ ਜਾਂਚ ਨਿਰਪੱਖ ਢੰਗ ਨਾਲ ਕੀਤੀ ਜਾਵੇਗੀ
